ਜਲੰਧਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਸੂਬੇ ਦੀ ‘ਆਪ’ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਤੇ ਕੋਈ ਸਮਝੌਤਾ ਨਹੀਂ ਕਰੇਗੀ। ਜਲੰਧਰ ਲੋਕ ਸਭਾ ਸੀਟ ’ਤੇ ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਤੋਂ ਬਾਅਦ ਆਪਣੇ ਜੰਡਿਆਲਾ ਗੁਰੂ ਖੇਤਰ ਵਿਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਰੱਖਣ ਦੇ ਮੌਕੇ ’ਤੇ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਸ ਤਰ੍ਹਾਂ ਪਿਛਲੇ 14 ਮਹੀਨਿਆਂ ਵਿਚ ਤੇਜ਼ ਰਫਤਾਰ ਨਾਲ ਕੰਮ ਕੀਤਾ ਹੈ, ਇਸ ਕਾਰਨ ਜਲੰਧਰ ਉਪ-ਚੋਣ ਵਿਚ ਪਾਰਟੀ ਨੂੰ ਜਿੱਤ ਹਾਸਲ ਹੋਈ ਹੈ।ਉਨ੍ਹਾਂ ਕਿਹਾ ਕਿ ਉਪ-ਚੋਣ ਵਿਚ ਜਿੱਤ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਪ੍ਰਤੀ ਜਨਤਾ ਦਾ ਫਤਵਾ ਹੈ। 2024 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਵਿਚ ਇਸ ਦਾ ਅਸਰ ਸਪਸ਼ਟ ਨਜ਼ਰ ਆਏਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਸੀ ਅਤੇ ਇਸ ਹਲਕੇ ਵਿਚ ਆਮ ਆਦਮੀ ਪਾਰਟੀ ਜਲੰਧਰ ਲੋਕ ਸਭਾ ਸੀਟ ’ਤੇ ਸਭ ਤੋਂ ਵੱਧ ਵੋਟਾਂ ਲਿਜਾਣ ’ਚ ਕਾਮਯਾਬ ਹੋਈ ਹੈ। ਅਸੀਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਅਗਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ’ਚ ਚੰਗੇ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ’ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਬਲਕਾਰ ਸਿੰਘ ਅਤੇ ਕਈ ਹੋਰ ਆਮ ਆਦਮੀ ਪਾਰਟੀ ਦੇ ਨੇਤਾ ਤੇ ਵਰਕਰ ਮੌਜੂਦ ਸਨ।