ਖੇਤੀ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖ਼ਰਚ ਰਹੀ ਕੇਂਦਰ ਸਰਕਾਰ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਖਾਣ ਵਾਲੇ ਤੇਲ ਦੇ ਖੇਤਰ ਵਿੱਚ ਵੀ ਆਤਮਨਿਰਭਰ ਬਣਾਉਣ ਦੀ ਗੱਲ ਕੀਤੀ।
‘ਅੰਤਰਰਾਸ਼ਟਰੀ ਸਹਿਕਾਰੀ ਦਿਵਸ’ ‘ਤੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਸਾਲ 2014 ‘ਚ ਸੱਤਾ ‘ਚ ਆਉਣ ਤੋਂ ਬਾਅਦ ਆਪਣੀ ਸਰਕਾਰ ਦੇ ਕੰਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ, ਘੱਟੋ-ਘੱਟ ਸਮਰਥਨ ਮੁੱਲ ਅਤੇ ਖਾਦਾਂ ‘ਚ ਰਿਆਇਤਾਂ ਨੂੰ ਰੇਖਾਂਕਿਤ ਕੀਤਾ। ਘੱਟੋ-ਘੱਟ ਸਮਰਥਨ ਮੁੱਲ ‘ਤੇ ਉਨ੍ਹਾਂ ਦੀ ਉਪਜ ਖਰੀਦ ਕੇ ਕਿਸਾਨਾਂ ਨੂੰ 15 ਲੱਖ ਕਰੋੜ ਰੁਪਏ ਤੋਂ ਵੱਧ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਖਾਦ ਸਬਸਿਡੀ ‘ਤੇ 10 ਲੱਖ ਕਰੋੜ ਰੁਪਏ ਖਰਚ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੂਜੇ ਸ਼ਬਦਾਂ ਵਿਚ ਸਰਕਾਰ ਖੇਤੀਬਾੜੀ ਅਤੇ ਕਿਸਾਨਾਂ ‘ਤੇ ਪ੍ਰਤੀ ਸਾਲ ਲਗਭਗ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ।