ਅਕਾਲੀ ਦਲ-ਭਾਜਪਾ ਗਠਜੋੜ ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਦਰਅਸਲ ਸੁਖਬੀਰ ਬਾਦਲ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ਼ ਮੀਡੀਆ ‘ਚ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਸੀਨੀਅਰ ਆਗੂਆਂ ਨਾਲ ਬੈਠਕ ਹੋਈ ਸੀ ਤੇ ਅੱਜ ਉਹ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕਰ ਰਹੇ ਹਨ। ਮੀਟਿੰਗ ਸਬੰਧੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਿਰਫ਼ ਰੁਟੀਨ ਮੀਟਿੰਗ ਹੈ।
ਹਾਲਾਂਕਿ ਕਿਆਸਰਾਈਆਂ ਇਹ ਵੀ ਲਗਾਈਆਂ ਜਾ ਰਹੀਆਂ ਸਨ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦਨਜ਼ਰ ਅਕਾਲੀ-ਭਾਜਪਾ ਅਤੇ ਬਸਪਾ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਸਭ ਕੁਝ ਤੈਅ ਹੋ ਗਿਆ ਹੈ, ਸਿਰਫ਼ ਰਸਮੀ ਐਲਾਨ ਹੋਣਾ ਬਾਕੀ ਹੈ, ਜੋ ਕਿ ਕਿਸੇ ਵੀ ਸਮੇਂ ਹੋ ਸਕਦਾ ਹੈ। ਇਹ ਵੀ ਚਰਚਾ ਹੈ ਕਿ ਐੱਨ. ਡੀ. ਏ. ਮੋਦੀ ਸਰਕਾਰ ਦੀ ਕੈਬਨਿਟ ਦੇ ਵਿਸਥਾਰ ਅਤੇ ਫੇਰਬਦਲ ਦੌਰਾਨ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਨੂੰ ਮੁੜ ਮੰਤਰੀ ਬਣਾਇਆ ਜਾ ਸਕਦਾ ਹੈ।