1984 ਸਿੱਖ ਕਤਲੇਆਮ ਮਾਮਲੇ ’ਚ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ’ਤੇ 19 ਜੁਲਾਈ ਨੂੰ ਫੈਸਲਾ ਕਰੇਗੀ ਅਦਾਲਤ

ਸੀਬੀਆਈ ਨੇ 20 ਮਈ ਨੂੰ ਟਾਈਟਲਰ ਖਿਲਾਫ਼ ਦਾਖਲ ਕੀਤੀ ਚਾਰਜਸ਼ੀਟ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ਦਾ ਨੋਟਿਸ ਲੈਣਾ ਹੈ ਜਾਂ ਨਹੀਂ। ਇਸ ਸਬੰਧੀ ਦਿੱਲੀ ਦੀ ਅਦਾਲਤ ਆਉਂਦੀ 19 ਜੁਲਾਈ ਨੂੰ ਫੈਸਲਾ ਕਰੇਗੀ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਸੀਬੀਆਈ ਦੇ ਨਾਲ-ਨਾਲ ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 7 ਜੁਲਾਈ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੱਜ ਨੇ ਅਦਾਲਤ ਦੇ ਕਰਮਚਾਰੀਆਂ ਨੂੰ ਇਹ ਵੀ ਦੇਖਣ ਲਈ ਕਿਹਾ ਕਿ ਕੀ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਤੋਂ ਪ੍ਰਾਪਤ ਕੇਸ ਰਿਕਾਰਡ ਪੂਰਾ ਹੈ ਜਾਂ ਨਹੀਂ। ਉਨ੍ਹਾਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਵੀ ਦਿੱਤੇ ਹਨ। ਜੱਜ ਨੇ ਕਿਹਾ ਕਿ ਕੜਕੜਡੂਮਾ ਵਿੱਚ ਅਦਾਲਤ ਦੇ ਕਰਮਚਾਰੀ ਵੱਲੋਂ ਦਾਇਰ ਦਸਤਾਵੇਜ਼ ਬਹੁਤ ਜ਼ਿਆਦਾ ਹਨ ਅਤੇ ਇਸ ਵਿੱਚ ਸੱਤ ਨਿਆਂਇਕ ਫਾਈਲਾਂ ਸਨ। ਉਨ੍ਹਾਂ ਨੇ ਸੀਬੀਆਈ ਨੂੰ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਨਮੂਨਿਆਂ ਦੀ ਫੋਰੈਂਸਿਕ ਜਾਂਚ ਸਬੰਧੀ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਰਿਪੋਰਟ ਦਾਇਰ ਕਰਨ ਦੇ ਹੁਕਮ ਵੀ ਦਿੱਤੇ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖਿਲਾਫ਼ 20 ਮਈ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ।