ਸਤੇਂਦਰ ਜੈਨ ਦੀ ਜ਼ਮਾਨਤ ਵਧੀ, ਸਿਸੋਦੀਆ ਦੀ ਪਟੀਸ਼ਨ ’ਤੇ 14 ਜੁਲਾਈ ਹੋਵੇਗੀ ਸੁਣਵਾਈ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਦੀ ਮਿਆਦ 24 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਵਧਾ ਦਿੱਤੀ। ਸ਼ਰਾਬ ਨੀਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਤਿਹਾੜ ਜੇਲ ’ਚ ਬੰਦ ‘ਆਪ’ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਪਟੀਸ਼ਨ ’ਤੇ ਅਦਾਲਤ 14 ਜੁਲਾਈ ਨੂੰ ਸੁਣਵਾਈ ਕਰੇਗੀ। ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਸੁੰਦਰੇਸ਼ ਦੀ ਬੈਂਚ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਪਿੱਛੋਂ ਸਤੇਂਦਰ ਜੈਨ ਨੂੰ ਅਗਲੇ ਹੁਕਮਾਂ ਤੱਕ ਰਾਹਤ ਦੇ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ ’ਤੇ ਜੈਨ ਦੀ ਮੈਡੀਕਲ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਸੁਪਰੀਮ ਕੋਰਟ ਨੇ 26 ਮਈ ਨੂੰ ਜੈਨ ਨੂੰ ਮੈਡੀਕਲ ਆਧਾਰ ’ਤੇ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ।
ਦੂਜੇ ਪਾਸੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਛੇਤੀ ਸੁਣਵਾਈ ਲਈ ਮਨੀਸ਼ ਸਿਸੋਦੀਆ ਦੀ ਪਟੀਸ਼ਨ ਨੂੰ ਸੋਮਵਾਰ ਸਵੀਕਾਰ ਕਰ ਲਿਆ। ਬੈਂਚ ਦੇ ਸਾਹਮਣੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸਿਸੋਦੀਆ ਦੀ ਪਤਨੀ ਦੇ ਬਿਮਾਰ ਹੋਣ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ’ਤੇ ਛੇਤੀ ਸੁਣਵਾਈ ਦੀ ਅਪੀਲ ਕੀਤੀ। ਸਿਸੋਦੀਆ ਨੇ ਹਾਈ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਪਿੱਛੋਂ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਸੀ।