ਗੁਰਬਾਣੀ ਪ੍ਰਸਾਰਣ ਮਾਮਲੇ ‘ਤੇ CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿਚ ਰਾਜਪਾਲ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਇਹ ਚਿੱਠੀ ਟਵੀਟ ਕਰਦਿਆਂ ਲਿਖਿਆ ਹੈ, “ਪਵਿੱਤਰ ਗੁਰਬਾਣੀ ਪ੍ਰਸਾਰਣ ਨੂੰ ਦੁਬਾਰਾ ਬਾਦਲ ਪਰਿਵਾਰ ਦੀ ਕੰਪਨੀ ਦੇ ਖ਼ਾਸ ਬੰਦਿਆਂ ਦੇ ਹੱਥਾਂ ‘ਚ ਨਹੀਂ ਜਾਣ ਦਿੱਤਾ ਜਾਵੇਗਾ।”
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ‘ਤੇ ਇਕ ਸਿਆਸੀ ਪਰਿਵਾਰ ਦੀ ਮਲਕੀਅਤ ਵਾਲੇ ਚੈਨਲ ਦਾ ਏਕਾਧਿਕਾਰ ਹੈ, ਜੋ ਇਸ ਤੋਂ ਮੁਨਾਫ਼ਾ ਕਮਾ ਰਿਹਾ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸਰਬਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਕਰਨ ਲਈ ਵਿਧਾਨਸਭਾ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ 125-ਏ ਜੋੜਣ ਲਈ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅੱਗੇ ਕਿਹਾ ਕਿ ਇਹ ਬਿੱਲ ਤੁਹਾਨੂੰ ਹਸਤਾਖ਼ਰ ਕਰਨ ਲਈ 26 ਜੂਨ 2023 ਨੂੰ ਭੇਜ ਦਿੱਤਾ ਗਿਆ ਸੀ ਪਰ ਇਸ ‘ਤੇ ਅਜੇ ਤਕ ਹਸਤਾਖ਼ਰ ਨਹੀਂ ਹੋਏ।
CM ਮਾਨ ਨੇ ਰਾਜਪਾਲ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੈਨਲ ਵਿਚਾਲੇ ਹੋਇਆ ਕਰਾਰ 23 ਜੁਲਾਈ 2023 ਨੂੰ ਖ਼ਤਮ ਹੋ ਰਿਹਾ ਹੈ। ਜੇਕਰ ਤੁਸੀਂ ਉਕਤ ਬਿੱਲ ‘ਤੇ ਫ਼ੌਰੀ ਤੌਰ ‘ਤੇ ਹਸਤਾਖ਼ਰ ਨਹੀਂ ਕਰਦੇ ਤਾਂ ਦੁਨੀਆ ਭਰ ਦੇ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂ ਵਾਂਝੇ ਰਹਿ ਜਾਣਗੇ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚੇਗੀ। ਇਸ ਲਈ ਮੈਂ ਆਪ ਜੀ ਨੂੰ ਉਕਤ ਬਿੱਲ ‘ਤੇ ਛੇਤੀ ਤੋਂ ਛੇਤੀ ਹਸਤਾਖ਼ਰ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਸਰਬਸਾਂਝੀ ਗੁਰਬਾਣੀ ਦਾ ਪ੍ਰਸਾਰਣ ਵੱਖ-ਵੱਖ ਚੈਨਲਾਂ ਤੇ ਮੀਡੀਆ ਰਾਹੀਂ ਮੁਫ਼ਤ ਮੁਹੱਈਆ ਕਰਵਾਇਆ ਜਾ ਸਕੇ।