ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਇਹ ਪ੍ਰਤੀਕਿਰਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ’ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ’ਚ ਵੀ ਕਾਨੂੰਨ ਮੁਤਾਬਕ ਹੀ ਫ਼ੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਭਵਿੱਖ ’ਚ ਗ਼ੈਰ-ਸੰਵਿਧਾਨਕ ਅਤੇ ਆਪ-ਹੁਦਰੇ ਫ਼ੈਸਲਿਆਂ ਤੋਂ ਬਚਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਫ੍ਰੀ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਕਰ ਕੇ ਨਵੀਂ ਧਾਰਾ ਜੋੜਨ ਸਮੇਤ 4 ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਪਾਸ ਕੀਤੇ 4 ਬਿੱਲਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਭੇਜੀ ਚਿੱਠੀ ਦੇ ਜਵਾਬ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 19 ਤੇ 20 ਜੂਨ ਨੂੰ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਗ਼ੈਰ-ਸੰਵਿਧਾਨਕ ਸੀ। ਇਸ ’ਚ ਪਾਸ ਕੀਤੇ ਗਏ ਚਾਰੋਂ ਬਿੱਲ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਦੇਸ਼ ਦੇ ਅਟਾਰਨੀ ਜਨਰਲ ਦੀ ਸਲਾਹ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ ’ਤੇ ਫ਼ੈਸਲੇ ਲੈਣਗੇ।