ਹਰਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਸਣੇ 4 ਲੋਕਾਂ ਦੀ ਮੌਤ

ਹਰਿਆਣਾ ਦੇ ਝੱਜਰ ਜ਼ਿਲ੍ਹੇ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ-ਵੇਅ ‘ਤੇ ਬੁੱਧਵਾਰ ਨੂੰ ਇਕ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਸਵਾਰ 3 ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਬਹਾਦੁਰਗੜ੍ਹ ਸਦਰ ਥਾਣੇ ਦੇ ਮੁਖੀ ਮਨੋਜ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਬਹਾਦੁਰਗੜ੍ਹ ਨੇੜੇ ਵਾਪਰਿਆ। ਕੁਮਾਰ ਨੇ ਦੱਸਿਆ ਕਿ ਕਾਰ ਡਰਾਈਵਰ ਨੇ ਆਪਣੀ ਗੱਡੀ ਹਾਈਵੇਅ ਦੇ ਕੰਢੇ ਖੜ੍ਹੀ ਕੀਤੀ ਸੀ, ਤਾਂ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਇਕ ਟੀਮ ਮੌਕੇ ‘ਤੇ ਪਹੁੰਚੀ ਅਤੇ ਚਾਰੋਂ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦੁਰਗੜ੍ਹ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਰਿਪੋਰਟਾਂ ਮੁਤਾਬਕ ਹਾਦਸੇ ਮਗਰੋਂ ਟਰੱਕ ਡਰਾਈਵਰ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨਾਲ ਗੱਲ ਕਰਨ ਮਗਰੋਂ ਅੱਗੇ ਦੀ ਜਾਂਚ ਕੀਤੀ ਜਾਵੇਗੀ।