ਹਾਈ ਕੋਰਟ ਨੇ ਸਫ਼ਾਈ ਕਰਮੀ ਦੀ ਵਿਧਵਾ ਨੂੰ 30 ਲੱਖ ਰੁਪਏ ਮੁਆਵਜ਼ਾ ਦੇਣ ਦਾ ਦਿੱਤਾ ਨਿਰਦੇਸ਼

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਨਗਰ ਸਰਕਾਰ ਨੂੰ ਇਕ ਸਫ਼ਾਈ ਕਰਮਚਾਰੀ ਦੀ ਵਿਧਵਾ ਨੂੰ 30 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ, ਜਿਸ ਦੀ ਸੀਵਰ ਦੀ ਸਫ਼ਾਈ ਦੌਰਾਨ ਮੌਤ ਹੋ ਗਈ ਸੀ। ਜੱਜ ਸੁਬਰਮਣੀਅਮ ਪ੍ਰਸਾਦ ਨੇ ਔਰਤ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ, ਜਿਸ ‘ਚ ਕਿਹਾ ਗਿਆ ਸੀ ਕਿ ਸੁਪਰੀਮ ਕੋਰਟ ਦੇ ਹਾਲੀਆ ਆਦੇਸ਼ ਅਨੁਸਾਰ ਉਸ ਨੂੰ ਵੱਧ ਮੁਆਵਜ਼ਾ ਦਿੱਤਾ ਜਾਵੇ।
ਸੁਪਰੀਮ ਕੋਰਟ ਨੇ ਸੀਵਰ ਦੀ ਸਫ਼ਾਈ ਕਰਨ ਦੌਰਾਨ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ 10 ਲੱਖ ਰੁਪਏ ਦੇ ਮੁਆਵਜ਼ੇ ਨੂੰ ਵਧਾ ਕੇ 30 ਲੱਖ ਰੁਪਏ ਕਰ ਦਿੱਤਾ ਸੀ। ਹਾਈ ਕੋਰਟ ਦੇ ਜੱਜ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਮੌਜੂਦਾ ਮਾਮਲੇ ‘ਤੇ ਵੀ ਲਾਗੂ ਹੋਵੇਗਾ ਅਤੇ ਰਾਜ ਸਰਕਾਰ ਨੂੰ ਕਿਹਾ ਕਿ ਉਹ 2 ਮਹੀਨਿਆਂ ‘ਚ ਔਰਤ ਨੂੰ ਵਧਿਆ ਹੋਇਆ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਅਦਾਲਤ ਨੇ ਔਰਤ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਪਟੀਸ਼ਨਕਰਤਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਮਿਲ ਗਿਆ ਹੈ ਪਰ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਮੱਦੇਨਜ਼ਰ ਮੁਆਵਜ਼ੇ ਨੂੰ ਵਧਾ ਕੇ 30 ਲੱਖ ਰੁਪਏ ਕੀਤਾ ਜਾਵੇ। ਸੁਪਰੀਮ ਕੋਰਟ ਨੇ ਇਹ ਫ਼ੈਸਲਾ ਅਕਤੂਬਰ ‘ਚ ਲਿਆ ਸੀ।