ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ- ਕੇਂਦਰੀ ਜੇਲ੍ਹ ਪਟਿਆਲਾ ਵਿੱਚ 27 ਸਾਲਾਂ ਤੋਂ ਕੈਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਰਾਜੋਆਣਾ ਨੇ ਅੱਜ ਸਵੇਰੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਰੋਟੀ ਨਹੀਂ ਖਾਧੀ। ਉਸ ਦੀ ਮੰਗ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਸ਼੍ਰੋਮਣੀ ਕਮੇਟੀ ਵਾਪਸ ਲਵੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੌਸ਼ਨੀ ਵਿਚ ਲਿਖਿਆ ਸੀ। ਇਸ ਪੱਤਰ ਵਿਚ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।
ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਪੱਤਰ ਲਿੱਖਿਆ ਹੈ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਵੀ ਮੈਂ ਆਪ ਜੀ ਨੂੰ ਪਿਛਲੇ ਤਕਰੀਬਨ ਇਕ ਮਹੀਨੇ ਦੇ ‘ਚ ਤਿੰਨ ਚਿੱਠੀਆਂ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਮਾਰਚ 2019 ਨੂੰ ਦੇਸ਼ ਦੇ ਰਾਸ਼ਟਰਪਤੀ ਜੀ ਕੋਲ ਮੇਰੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਆਦੇਸ਼ ਜਾਰੀ ਕਰਨ ਦੀ ਬੇਨਤੀ ਕਰ ਚੁੱਕਾ ਹਾਂ, ਕਿਉਂਕਿ ਰਾਸ਼ਟਪਤੀ ਕੋਲ ਪਾਈ ਗਈ ਅਪੀਲ ‘ਚ 6 ਮਹੀਨੇ ਤੋਂ ਲੈ ਕੇ ਇੱਕ ਸਾਲ ਦੇ ‘ਚ ਫ਼ੈਸਲਾ ਹੋ ਜਾਂਦਾ ਹੈ। ਪਰ ਇਸ ਅਪੀਲ ‘ਤੇ ਤਾਂ ਪਿਛਲੇ 11 ਸਾਲ 8 ਮਹੀਨੇ ਤੋਂ ਨਾ ਤਾਂ ਕੇਂਦਰ ਸਰਕਾਰ ਨੇ ਕੋਈ ਫੈਸਲਾ ਕੀਤਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਕੋਈ ਫੈਸਲਾ ਕਰਵਾ ਸਕੀ।
ਰਾਜੋਆਣਾ ਨੇ ਕਿਹਾ ਸਿੰਘ ਸਾਹਿਬ ਜੀ ਮੇਰੇ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਇਸ ਅਪੀਲ ਨੂੰ ਵਾਪਸ ਕਰਵਾਉਣ ਲਈ ਕੋਈ ਹੁਣ ਤੱਕ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਮੈਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਇਸ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ, ਕਿਉਂਕਿ ਅਪੀਲ ਵਾਪਸ ਹੋਣ ਤੱਕ ਮੇਰੀ ਭੁੱਖ ਹੜਤਾਲ ਜਾਰੀ ਰਹੇਗੀ। ਇਸ ‘ਚ ਸਾਰੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ।