ਹਿਮਾਚਲ ਪ੍ਰਦੇਸ਼ ‘ਚ ਕੈਬਨਿਟ ਦਾ ਜਲਦ ਹੋਵੇਗਾ ਵਿਸਥਾਰ: CM ਸੁੱਖੂ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ‘ਚ ਕੈਬਨਿਟ ਦਾ ਵਿਸਥਾਰ ਜਲਦ ਹੀ ਕੀਤਾ ਜਾਵੇਗਾ। ਅੱਜ ਨਵੀਂ ਦਿੱਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਖੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ‘ਚ ਜਲਦੀ ਹੀ ਕੈਬਨਿਟ ਦਾ ਵਿਸਥਾਰ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਦਾ ਵਿਸਥਾਰ ਇਸ ਸਾਲ ਹੋਵੇਗਾ। ਇਸ ਸਮੇਂ ਸੂਬੇ ‘ਚ ਤਿੰਨ ਮੰਤਰੀਆਂ ਦੇ ਅਹੁਦੇ ਖਾਲੀ ਪਏ ਹਨ। ਸੂਬੇ ‘ਚ ਪਿਛਲੇ ਕਈ ਮਹੀਨਿਆਂ ਤੋਂ ਲਟਕ ਰਹੇ ਕੈਬਨਿਟ ਦੇ ਵਿਸਥਾਰ ਦੀ ਉਡੀਕ ਕੀਤੀ ਜਾ ਰਹੀ ਹੈ।
ਸੁੱਖੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਲੋਕਾਂ ਨੂੰ 10 ਗਾਰੰਟੀਆਂ ਦਿੱਤੀਆਂ ਸਨ। ਇਨ੍ਹਾਂ ‘ਚੋਂ ਤਿੰਨ ਗਾਰੰਟੀਆਂ ਪੂਰੀਆਂ ਹੋ ਚੁੱਕੀਆਂ ਹਨ। ਹੋਰ 7 ਗਾਰੰਟੀਆਂ ਵੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰਨ ਲਈ 4 ਸਾਲ ਦਾ ਸਮਾਂ ਹੈ। ਹਿਮਾਚਲ ਪ੍ਰਦੇਸ਼ ‘ਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 680 ਕਰੋੜ ਰੁਪਏ ਦੀ ਸਟਾਰਟਅਪ ਸਕੀਮ ਅਤੇ ਅੰਗਰੇਜ਼ੀ ਮਾਧਿਅਮ ਸਕੂਲ ਦੀ ਗਾਰੰਟੀ ਮੁਕੰਮਲ ਕਰ ਲਈ ਗਈ ਹੈ। ਹੋਰ ਗਾਰੰਟੀਆਂ ‘ਤੇ ਵੀ ਕੰਮ ਚੱਲ ਰਿਹਾ ਹੈ ਅਤੇ ਇਹ ਜਲਦੀ ਹੀ ਮੁਕੰਮਲ ਕਰ ਲਈਆਂ ਜਾਣਗੀਆਂ। ਕੇਂਦਰ ਤੋਂ ਮਿਲ ਰਹੇ ਸਹਿਯੋਗ ਦੇ ਸਵਾਲ ‘ਤੇ ਸੁੱਖੂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ‘ਚ ਰਹਿੰਦੇ ਹਨ। ਕੇਂਦਰ ਸਰਕਾਰ ਵੀ ਲੋੜ ਪੈਣ ‘ਤੇ ਫੰਡ ਮੁਹੱਈਆ ਕਰਵਾ ਰਹੀ ਹੈ।
ਮੁੱਖ ਮੰਤਰੀ ਸੁੱਖੂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ 11 ਦਸੰਬਰ ਨੂੰ ਇਕ ਸਾਲ ਪੂਰਾ ਕਰਨ ਜਾ ਰਹੀ ਹੈ। ਧਰਮਸ਼ਾਲਾ ‘ਚ ਰਾਜ ਪੱਧਰੀ ਸਮਾਗਮ ਹੋਵੇਗਾ। ਸੂਬਾ ਸਰਕਾਰ ਨੇ 365 ਦਿਨਾਂ ‘ਚ 365 ਫੈਸਲੇ ਲਏ ਹਨ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ‘ਚ ਆਈ ਆਫ਼ਤ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਵੀ ਇਸ ਦੌਰਾਨ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਇਕ ਸਾਲ ਦੇ ਕਾਰਜਕਾਲ ਦਾ ਵਿਰੋਧ ਕਰ ਰਹੀ ਹੈ ਕਿਉਂਕਿ ਉਹ ਮੁੱਖ ਵਿਰੋਧੀ ਪਾਰਟੀ ਹੈ ਅਤੇ ਵਿਰੋਧ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਬਣਦੀ ਹੈ।