26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

ਜਲੰਧਰ/ਚੰਡੀਗੜ੍ਹ – ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ 26 ਮਾਰਚ ਨੂੰ ਹੋਣ ਵਾਲੇ ਚੰਡੀਗੜ੍ਹ ਕੂਚ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਫਿਲਹਾਲ ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਦਾ ਚੰਡੀਗੜ੍ਹ ਕੂਚ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਹੌਲ ਸਹੀ ਨਹੀਂ ਹੋ ਜਾਂਦਾ ਤਾਂ ਉਦੋਂ ਤੱਕ ਮੀਟਿੰਗ ਦਾ ਕੋਈ ਤੁਕ ਨਹੀਂ ਬਣਦਾ। ਅਸੀਂ ਕਿਸੇ ਵੀ ਤਰ੍ਹਾਂ ਦੀ ਬੈਠਕ ਤੋਂ ਭੱਜ ਨਹੀਂ ਰਹੇ ਹਾਂ। ਸਾਥੀਆਂ ਦੀ ਰਿਹਾਈ ਮਗਰੋਂ ਹੀ ਮੀਟਿੰਗ ਕਰਾਂਗੇ। ਸਾਨੂੰ ਗ੍ਰਿਫ਼ਤਾਰੀ ਦਾ ਕੋਈ ਡਰ ਨਹੀਂ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਜੋ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ, ਉਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਗਲੀ ਰਣਨੀਤੀ ਉਲੀਕਣ ‘ਤੇ ਵਿਚਾਰ-ਚਰਚਾ ਕੀਤੀ ਗਈ ਹੈ।