ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀ. ਐੱਸ. ਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀ. ਐੱਸ. ਟੀ. ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ,ਕਤ ਵੈਟ ਤੋਂ 2286.32 ਕਰੋੜ ਰੁਪਏ, ਸੀ. ਐੱਸ. ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐੱਸ. ਡੀ. ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।
ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜ਼ਾਰੀ ਵਿਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀ. ਐੱਸ. ਟੀ. ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀ. ਐੱਸ. ਟੀ ਤੋਂ 76.91 ਕਰੋੜ ਰੁਪਏ ਅਤੇ ਪੀ. ਐੱਸ. ਡੀ. ਟੀ. ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।
ਟੈਕਸ ਇੰਟੈਲੀਜੈਂਸ ਯੂਨਿਟ (ਟੀ. ਆਈ. ਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ. ਐੱਸ. ਟੀ. ਵਿਚ ਲਗਾਤਰ ਹੋ ਰਹੇ ਵਾਧੇ ਦਾ ਜ਼ਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀ. ਐੱਸ. ਟੀ. ਵਿਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀ. ਐੱਸ. ਟੀ. ਤੋਂ ਪ੍ਰਾਪਤ ਮਾਲੀਏ ਵਿਚ 36.07 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬਿਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਇਲ ਐਪ ਵੀ ਜਾਰੀ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ. ਐੱਸ. ਟੀ ਮੁਆਵਜ਼ੇ ’ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਪੱਖੋਂ ਆਤਮ-ਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।















