ਸ਼ਹੀਦ ਅਜੈ ਸਿੰਘ ਦੇ ਘਰ ਪੁੱਜੇ CM ਮਾਨ, ਸੌਂਪਿਆ ਇਕ ਕਰੋੜ ਦਾ ਚੈੱਕ, ਨੌਕਰੀ ਦੇਣ ਦੀ ਆਖ਼ੀ ਗੱਲ

ਖੰਨਾ : ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਭਾਰਤੀ ਫ਼ੌਜ ਦਾ ਅਗਨੀਵੀਰ ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਦੇ ਘਰ ਪੁੱਜੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਸ਼ਹੀਦ ਦੀ ਭੈਣ ਇਸ ਸਮੇਂ ਬੀ. ਏ. ਦੀ ਪੜ੍ਹਾਈ ਕਰ ਰਹੀ ਹੈ ਅਤੇ ਪੜ੍ਹਾਈ ਪੂਰੀ ਕਰਨ ਮਗਰੋਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਨੌਕਰੀ ਰਿਜ਼ਰਵ ਰੱਖੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਨਾਂ ‘ਤੇ ਸਕੂਲ ਬਣੇਗਾ ਅਤੇ ਪਿੰਡ ‘ਚ ਸ਼ਹੀਦ ਦਾ ਬੁੱਤ ਵੀ ਲਾਇਆ ਜਾਵੇਗਾ ਅਤੇ ਡਿਸਪੈਂਸਰੀ ਨੂੰ ਅਪਗਰੇਡ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ ‘ਚ ਫ਼ੌਜ ਦੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ।
ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਦੱਸ ਦੇਈਏ ਕਿ ਬਹੁਤ ਹੀ ਗਰੀਬ ਪਰਿਵਾਰ ਵਿੱਚੋਂ ਸਖ਼ਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ, ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਦੇ ਅਗਨੀਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਆਪਣੀ ਜਾਨ ਨਿਛਾਵਰ ਕੀਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਅਜੈ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਅਗਨੀਵੀਰ ਅਜੈ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖ਼ਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।