ਪਟਿਆਲਾ : ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਹੀ ਪਟਿਆਲਾ ਤੋਂ ਉਮੀਦਵਾਰ ਹੋਣਗੇ। ਉਨ੍ਹਾਂ ਨੇ ਇਥੇ ਕਾਫੀ ਕੰਮ ਕੀਤੇ ਹਨ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਇਸ ਮੁਲਾਕਾਤ ਵਿਚ ਪਟਿਆਲਾ ਸੀਟ ’ਤੇ ਚੋਣ ਲੜਨ ਬਾਰੇ ਵੀ ਗੱਲ ਹੋਈ ਹੈ। ਸੂਤਰ ਦੱਸਦੇ ਹਨ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ਸਣੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਿਸਾਨਾਂ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀਬਖਸ਼ ਹੱਲ ਕਰ ਲਿਆ ਜਾਵੇਗਾ।















