ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਨ੍ਹਾਂ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ‘ਸੁੱਖ ਵਿਲਾਸ’ ਹੋਟਲ ਬਾਰੇ ਜੋ ਝੂਠੇ ਦੋਸ਼ ਲਾਏ ਗਏ ਹਨ, ਉਹ ਸਿਰਫ ਤੇ ਸਿਰਫ ਹਰਿਆਣਾ ਪੁਲਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਗਲਤ ਦਰਜ ਕੀਤੀ ਗਈ ਜ਼ੀਰੋ ਐੱਫ. ਆਈ. ਆਰ. ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਲਗਾਏ ਗਏ ਹਨ।
ਅਕਾਲੀ ਦਲ ਦੇ ਬੁਲਾਰੇ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਬੇਵੱਸ ਕਿਉਂ ਹਨ ਤੇ ਉਨ੍ਹਾਂ ਨੇ ਲਗਾਏ ਦੋਸ਼ਾਂ ਦੇ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ? ਕਲੇਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਾਂ ਤਾਂ ਉਹ ਤੁਰੰਤ ਕੇਸ ਦਰਜ ਕਰਨ ਜਾਂ ਫਿਰ ਅਦਾਲਤ ਵਿਚ ਆਪਣੇ ਝੂਠਾਂ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਕੇਸ ਦੇ ਅਸਲ ਤੱਥਾਂ ਸਮੇਤ ਭਲਕੇ ਪੂਰਾ ਵਿਸਥਾਰਿਤ ਜਵਾਬ ਵੱਖਰੇ ਤੌਰ ’ਤੇ ਦਿੱਤਾ ਜਾਵੇਗਾ।















