ਵਿਰੋਧੀ ਧਿਰ ਮੁੱਦਾ ਵਿਹੀਨ, ‘ਆਪ’ਵੱਲੋਂ ਉਠਾਏ ਮਸਲਿਆਂ ਦਾ ਕਿਸੇ ਕੋਲ ਕੋਈ ਜਵਾਬ ਨਹੀਂ: ਬਲਕਾਰ ਸਿੰਘ

ਜਲੰਧਰ – ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ’ਚ ਵਿਰੋਧੀ ਧਿਰ ਮੁੱਦਾ ਵਿਹੀਨ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਉਠਾਏ ਮਸਲਿਆਂ ਦਾ ਕਿਸੇ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ’ਚ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਹੋਰ ਪਾਰਟੀਆਂ ਦੇ ਆਗੂ ਲਗਾਤਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣਾ ਭਵਿੱਖ ਸਿਰਫ਼ ‘ਆਪ’’ਚ ਸੁਰੱਖਿਅਤ ਵਿਖਾਈ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਵਾ 2 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ’ਤੇ ਲਿਜਾਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਗਾਤਾਰ ਕਮਜ਼ੋਰ ਹੋ ਰਿਹਾ ਹੈ ਅਤੇ ਉਸ ਦੇ ਕੋਲ ਤਾਂ ਵੱਖ-ਵੱਖ ਲੋਕ ਸਭਾ ਸੀਟਾਂ ’ਤੇ ਉਮੀਦਵਾਰ ਵੀ ਨਹੀਂ ਹਨ। ਇਸ ਸਮੇਂ ਪੰਜਾਬ ਨੂੰ ਸਥਿਰਤਾ ਤੇ ਵਿਕਾਸ ਦੀ ਲੋੜ ਹੈ ਕਿਉਂਕਿ ਪਿਛਲੇ 15-20 ਸਾਲਾਂ ’ਚ ਪੰਜਾਬ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਗਿਆ ਸੀ। ਬੜੀ ਮੁਸ਼ਕਿਲ ਨਾਲ ਭਗਵੰਤ ਮਾਨ ਸਰਕਾਰ ਨੇ 2 ਸਾਲਾਂ ’ਚ ਪੰਜਾਬ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਹੈ।
ਹੁਣ ਵੀ ਕੁਝ ਤਾਕਤਾਂ ਪੰਜਾਬ ਨੂੰ ਅਸਥਿਰ ਬਣਾਉਣਾ ਚਾਹੁੰਦੀਆਂ ਹਨ, ਜਿਨ੍ਹਾਂ ਤੋਂ ਸੰਭਲ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਇਸ ਸਮੇਂ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣ ਦਾ ਇਕ ਸੁਨਹਿਰੀ ਮੌਕਾ ਹੋਵੇਗਾ ਅਤੇ ਇਸ ਸਮੇਂ ਪੰਜਾਬੀਆਂ ਨੂੰ ਇਕਜੁੱਟਦਾ ਵਿਖਾਉਣ ਦੀ ਲੋੜ ਹੈ।