ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ, ਪਦਮਸ਼੍ਰੀ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

ਵੈੱਬ ਡੈਸਕ : ਸ਼ਨੀਵਾਰ ਤੜਕਸਾਰ ਸਾਹਿਤ ਜਗਤ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।
ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ।
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ।
ਸੁਰਜੀਤ ਪਾਤਰ ਨੂੰ 2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।