ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਜਲੰਧਰ – ਸੁਪਰੀਮ ਕੋਰਟ ਦੇ ਹੁਕਮਾਂ ’ਤੇ ਤਿਹਾੜ ਜੇਲ ’ਚੋਂ ਰਿਹਾਅ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅੱਜ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਿਹਾਈ ਦਾ ਸਵਾਗਤ ਕੀਤਾ।
ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲੇ ਪ੍ਰਮੁੱਖ ਨੇਤਾਵਾਂ ਵਿਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕਈ ‘ਆਪ’ ਵਿਧਾਇਕ ਸ਼ਾਮਲ ਸਨ।
ਇਸ ਮੌਕੇ ’ਤੇ ਹਰਪਾਲ ਚੀਮਾ ਨੇ ਕਿਹਾ ਕਿ ਕੇਜਰੀਵਾਲ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਝੂਠੇ ਮਾਮਲੇ ਵਿਚ ਫਸਾਇਆ ਸੀ ਅਤੇ ਚਾਹੁੰਦੀ ਸੀ ਕਿ ਕੇਜਰੀਵਾਲ ਤੋਂ ਬਿਨਾਂ ਲੋਕ ਸਭਾ ਚੋਣਾਂ ਸੰਪੰਨ ਕਰਵਾ ਦਿੱਤੀਆਂ ਜਾਣ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਇਨਸਾਫ ਦਿੱਤਾ ਹੈ ਅਤੇ ਲੋਕਤੰਤਰ ਦੀ ਜਿੱਤ ਹੋਈ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਜਰੀਵਾਲ ਦੇ ਜੇਲ ’ਚੋਂ ਬਾਹਰ ਆਉਣ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਹੌਸਲਾ ਵਧਿਆ ਹੈ ਅਤੇ ਅਸੀਂ ਸਾਰੇ ਮਿਲ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਕਿਹਾ ਕਿ ਪੂਰੇ ਦੇਸ਼ ਵਿਚ ਖੁਸ਼ੀ ਦਾ ਮਾਹੌਲ ਹੈ।
ਕੇਜਰੀਵਾਲ ਨੇ ਪੰਜਾਬ ਤੋਂ ਆਏ ਨੇਤਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੇਲ ਵਿਚ ਵੀ ਸਾਰੀਆਂ ਸੂਚਨਾਵਾਂ ਮਿਲਦੀਆਂ ਰਹੀਆਂ ਕਿ ਪੰਜਾਬ ਪੂਰੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਦੇ ਅਹਿਸਾਨਮੰਦ ਹਨ ਜਿਨ੍ਹਾਂ ਨੇ ਇੰਨਾ ਪਿਆਰ ਤੇ ਸਤਿਕਾਰ ਦਿੱਤਾ।