ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ, ਕਿਹਾ- ‘ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਨਾ ਹੋਵੋ ਨਿਰਾਸ਼…’

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਲੋਕ ਸਭਾ ਹਲਕਿਆਂ ’ਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਦੌਰੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਅਮਰਗੜ੍ਹ ਤੇ ਰਣਜੀਤ ਸਿੰਘ ਢਿੱਲੋਂ ਨਾਲ ਲੁਧਿਆਣਾ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ ਤੇ ਦੋਵਾਂ ਥਾਵਾਂ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਅਸੀਂ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗੇ, ਭਾਵੇਂ ਉਹ ਦਰਿਆਈ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਹੋਵੇ ਜਾਂ ਫਿਰ ਕਿਸਾਨਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲੈਣੀ ਹੋਵੇ, ਹਰ ਮਸਲੇ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਰਹਾਂਗੇ।
ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਨਤੀਜਿਆਂ ਤੋਂ ਨਿਰਾਸ਼ ਨਾ ਹੋਣ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਆਉਂਦੀਆਂ ਜ਼ਿਮਨੀ ਚੋਣਾਂ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਕਿਵੇਂ ਦਿੱਲੀ ਆਧਾਰਿਤ ਪਾਰਟੀਆਂ ਅਕਾਲੀ ਦਲ ਖ਼ਿਲਾਫ਼ ਇਕਜੁੱਟ ਹੋਈਆਂ ਸਨ।