ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼

ਜਲੰਧਰ – ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਐੱਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਜਲੰਧਰ ਦਫ਼ਤਰ ਵਿਚ ਪੁੱਛਗਿੱਛ ਤੋਂ ਬਾਅਦ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਪੁੱਛਗਿੱਛ ਮਗਰੋਂ ਰਿਮਾਂਡ ਲਈ ਭੇਜ ਦਿੱਤਾ ਜਾਵੇਗਾ। ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਵਿਚ ਪੇਸ਼ੀ ਦੌਰਾਨ ਆਸ਼ੂ ਦੀ ਸਪੋਰਟ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸ਼ਖਵਿੰਦਰ ਕੋਟਲੀ ਵੀ ਪਹੁੰਚੇ। ਉਨ੍ਹਾਂ ਦੇ ਨਾਲ ਕਾਂਗਰਸ ਦੀ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੀ।
ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ, ਜਿੱਥੇ ਲਗਾਤਾਰ ਪੁੱਛਗਿੱਛ ਮਗਰੋਂ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਸੂਤਰਾਂ ਦੀ ਮੰਨੀਏ ਤਾਂ ਈ. ਡੀ. ਨੂੰ ਕੁਝ ਵਿਦੇਸ਼ੀ ਟਰਾਂਜੈਕਸ਼ਨ ਸਬੰਧੀ ਸਬੂਤ ਮਿਲੇ ਹਨ, ਜਿਨ੍ਹਾਂ ਬਾਰੇ ਅਧਿਕਾਰੀ ਸਾਬਕਾ ਮੰਤਰੀ ਆਸ਼ੂ ਕੋਲੋਂ ਪੁੱਛਗਿੱਛ ਕਰਨੀ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੂੰ 1 ਅਗਸਤ ਨੂੰ ਈ. ਡੀ. ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਦੂਜੇ ਪਾਸੇ ਈ. ਡੀ. ਸਾਹਮਣੇ ਪੇਸ਼ ਹੋਣ ’ਤੇ ਜ਼ਿਲ੍ਹਾ ਕਾਂਗਰਸ ਆਗੂ ਅਤੇ ਕਈ ਹੋਰ ਸੀਨੀਅਰ ਆਗੂਆਂ ਨੇ ਈ. ਡੀ. ਦੀ ਇਸ ਕਾਰਵਾਈ ਨੂੰ ਸਿਆਸੀ ਕਹਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਸੀ, ਜਿਸ ਨੂੰ ਲੈ ਕੇ ਜਲੰਧਰ ਸਥਿਤ ਈ. ਡੀ. ਦਫ਼ਤਰ ਦੇ ਬਾਹਰ ਪੁਲਸ ਅਤੇ ਕੇਂਦਰੀ ਸੁਰੱਖਿਆ ਫੋਰਸਾਂ ਦੀਆਂ ਕਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਤਾਂ ਕਿ ਆਸ਼ੂ ਨੂੰ ਲਿਜਾਣ ਸਮੇਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਭੀੜ ਇਕੱਠੀ ਨਾ ਹੋ ਸਕੇ।