ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਰੇਲ ਟਰੈਕ ‘ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਹੁਣ ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਰਾਹ ਖ਼ਾਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਰੇਲ ਟਰੈਕ ‘ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਨਿਰਧਾਰਤ ਸਮੇਂ ਅਨੁਸਾਰ ਵੱਡੀ ਗਿਣਤੀ ਵਿਚ ਕਿਸਾਨ ਰੇਲਵੇ ਟਰੈਕ ‘ਤੇ ਪਹੁੰਚ ਗਏ ਹਾਲਾਂਕਿ ਕਿਸਾਨਾਂ ਵੱਲੋਂ ਕੋਈ ਰੇਲ ਨਹੀਂ ਰੋਕੀ ਗਈ ਪਰ ਕਿਸਾਨਾਂ ਨੇ ਰੇਲਵੇ ਟਰੈਕ ‘ਤੇ ਬੈਠਣ ਲਈ ਟੈਂਟ ਜ਼ਰੂਰ ਲਗਾਏ ਸਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਕਈ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਰਹਿੰਦੀਆਂ ਮੰਗਾਂ ਸਰਕਾਰ ਅੱਗੇ ਰੱਖਣ ਲਈ ਮੀਟਿੰਗ ਵੀ ਨਿਰਧਾਰਤ ਕੀਤੀ ਗਈ ਹੈ। ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਸਕੱਤਰ ਵਿਚਾਲੇ ਮੀਟਿੰਗ 5 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਦੇ ਬਕਾਇਆ ਕੇਸਾਂ ‘ਤੇ 5-5 ਲੱਖ ਰੁਪਏ ਦਾ ਮੁਆਵਜ਼ਾ ਬੀਤੀ ਰਾਤ ਹੀ ਉਨ੍ਹਾਂ ਨੂੰ ਦਿੱਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਨੂੰ 3 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਸੀ ਮਿਲੇ, ਉਹ ਵੀ ਦੇਣ ਦੀ ਸਹਿਮਤੀ ਬਣ ਗਈ ਹੈ।















