UAE ‘ਚ ਮਾਮੂਲੀ ਬਹਿਸ ਮਗਰੋਂ ਚੱਲ ਗਈ ਗੋਲ਼ੀ, 3 ਔਰਤਾਂ ਦੀ ਹੋ ਗਈ ਦਰਦਨਾਕ ਮੌਤ

ਇੰਟਰਨੈਸ਼ਨਲ ਡੈਸਕ- ਯੂ.ਏ.ਈ. ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਤੰਗ ਗਲੀ ਵਿੱਚੋਂ ਲੰਘਣ ਦੀ ਕੋਸ਼ਿਸ਼ ਕਰ ਰਹੇ ਇੱਕ ਵਾਹਨ ਨੂੰ ਲੈ ਕੇ 2 ਧਿਰਾਂ ‘ਚ ਤਿੱਖੀ ਬਹਿਸਬਾਜ਼ੀ ਹੋ ਗਈ। ਦੇਖਦੇ ਹੀ ਦੇਖਦੇ ਇਹ ਬਹਿਸਬਾਜ਼ ਇੰਨੀ ਵਧ ਗਈ ਕਿ ਗੋਲ਼ੀ ਚੱਲ ਗਈ, ਜਿਸ ਕਾਰਨ 3 ਔਰਤਾਂ ਦੀ ਦਰਦਨਾਕ ਮੌਤ ਹੋ ਗਈ।
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਰਾਸ ਅਲ ਖੈਮਾਹ ਵਿਖੇ ਗੋਲ਼ੀ ਚੱਲੀ ਹੈ, ਜਿਸ ਮਗਰੋਂ ਅਧਿਕਾਰੀ ਪੰਜ ਮਿੰਟਾਂ ਦੇ ਅੰਦਰ ਹੀ ਘਟਨਾ ਸਥਾਨ ‘ਤੇ ਪਹੁੰਚ ਗਏ ਤੇ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਈਆਂ ਔਰਤਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਵੀ ਜ਼ਬਤ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਲਈ ਮਾਮਲਾ ਪਬਲਿਕ ਪ੍ਰੋਸੀਕਿਊਸ਼ਨ ਕੋਲ ਭੇਜ ਦਿੱਤਾ ਗਿਆ ਹੈ। ਇਸ ਘਟਨਾ ਮਗਰੋਂ ਰਾਸ ਅਲ ਖੈਮਾਹ ਪੁਲਸ ਨੇ ਜਨਤਾ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਵਾਲੇ ਹਰੇਕ ਵਿਅਕਤੀ ਨੂੰ ਗੰਭੀਰ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ।