ਨਵੀਂ ਦਿੱਲੀ : ਦਿੱਲੀ ਦੇ ਕੋਟਲਾ ਮੁਬਾਰਕਪੁਰ ਸਥਿਤ ਬਾਜ਼ਾਰ ਵਿੱਚ ਬੁੱਧਵਾਰ ਤੜਕੇ ਦੁਕਾਨਾਂ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਾਰਨ ਘੱਟੋ-ਘੱਟ ਛੇ ਟੀਨ ਸ਼ੈੱਡ ਦੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਇੱਕ ਫਾਇਰ ਅਫ਼ਸਰ ਨੇ ਦੱਸਿਆ ਕਿ ਸਵੇਰੇ 4:08 ਵਜੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਨੌਂ ਫਾਇਰ ਇੰਜਣਾਂ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਉਨ੍ਹਾਂ ਨੇ ਸਵੇਰੇ 6:15 ਵਜੇ ਤੱਕ ਅੱਗ ‘ਤੇ ਕਾਬੂ ਪਾ ਲਿਆ।
ਉਹਨਾਂ ਨੇ ਕਿਹਾ ਕਿ ਅੱਗ ਲੱਗਣ ਕਾਰਨ ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਅੱਗ ਦੀ ਘਟਨਾ ਵਿੱਚ ਕੱਪੜੇ, ਤਰਪਾਲ, ਸਟੇਸ਼ਨਰੀ ਅਤੇ ਕਾਸਮੈਟਿਕਸ ਸਮੇਤ ਕਈ ਤਰ੍ਹਾਂ ਦੇ ਸਮਾਨ ਵੇਚਣ ਵਾਲੀਆਂ ਦੁਕਾਨਾਂ ਪ੍ਰਭਾਵਿਤ ਹੋਈਆਂ ਹਨ। ਅਧਿਕਾਰੀ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ, ਇਹ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ, ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।















