ਫਗਵਾੜਾ ਨੈਸ਼ਨਲ ਹਾਈਵੇਅ ‘ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਜਲੰਧਰ/ਫਗਵਾੜਾ – ਫਗਵਾੜਾ ਵਿੱਚ ਨੈਸ਼ਨਲ ਹਾਈਵੇਅ ‘ਤੇ ਇਕ ਕਾਰ ਅਤੇ ਇਕ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਖਗੂੜੇ ਨੇੜੇ ਬਣ ਇਕ ਕੱਟ ‘ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਐਕਸ. ਯੂ. ਵੀ. ਕਾਰ ਅਤੇ ਬਾਈਕ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਕਾਰ ਸਵਾਰਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਥੇ ਹੀ ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਖਗੂੜੇ ਨੇੜੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋਣ ਕਰਕੇ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ 2 ਬਾਈਕ ਸਵਾਰਾਂ ਦੀ ਮੌਤ ਹੋ ਗਈ।
ਮ੍ਰਿਤਕ ਦੇ ਕਬਜ਼ੇ ਵਿੱਚੋਂ ਇਕ ਫ਼ੋਨ ਬਰਾਮਦ ਹੋਇਆ ਹੈ। ਇਕ ਵਿਅਕਤੀ ਦੀ ਪਛਾਣ ਫੋਨ ਗੱਲ ਕਰਨ ਮਗਰੋਂ ਕੀਤੀ ਗਈ ਹੈ, ਜਦਕਿ ਦੂਜੇ ਦੀ ਪਛਾਣ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮਹਿਤਪੁਰ, ਬਲਾਚੌਰ ਵਜੋਂ ਹੋਈ ਹੈ। ਜਦਕਿ ਦੂਜੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਉਥੇ ਹੀ ਗੱਡੀ ਚਾਲਕ ਸਤਨਾਮ ਸਿੰਘ ਪੁੱਤਰ ਲਕਸ਼ਮਣ ਸਿੰਘ ਵਾਸੀ ਰਾਜਪੁਰ ਦਾ ਰਹਿਣ ਵਾਲਾ ਹੈ। ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।