ਅੰਮ੍ਰਿਤਸਰ- ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਫੈਸਲਾਕੁੰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਛੇਹਰਟਾ ਦੇ ਗੁਰੂ ਕੀ ਵਡਾਲੀ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 5 ਗਲੌਕ ਪਿਸਤੌਲ, 4 ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਨਾਲ ਮਿਲ ਕੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ‘ਚ ਸੀ ਜੋ ਪੰਜਾਬ ‘ਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜ ਰਹੇ ਸਨ।
ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਨੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਖੇਤਰ ‘ਚ ਇੱਕ ਵੱਡੇ ਅਪਰਾਧ ਨੂੰ ਰੋਕਣ ‘ਚ ਮਦਦ ਕੀਤੀ ਹੈ। ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਸਸੂਬੇ ‘ਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਾਰਕੋ-ਅੱਤਵਾਦ ਅਤੇ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।