ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫ਼ੈਸਲਾ

ਜਲੰਧਰ/ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਐੱਮ. ਪੀ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਦੀ ਸੜਕ ਹਾਦਸੇ ਵਿਚ ਮੌਤ ਦੇ ਮਾਮਲੇ ਵਿਚ ਇਕ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਮੁਲਜ਼ਮ ਗੁਰਸ਼ਰਨ ਸਿੰਘ ਪ੍ਰਿੰਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਹਾਦਸਾ 13 ਸਤੰਬਰ ਦੀ ਰਾਤ ਨੂੰ ਉਸ ਵੇਲੇ ਵਾਪਰਿਆ ਜਦੋਂ ਰਿੱਚੀ ਆਪਣੀ ਫਾਰਚੂਨਰ ਕਾਰ ਵਿਚ ਸਵਾਰ ਸਨ। ਦਰਜ ਕੀਤੀ ਗਈ ਐੱਫ਼. ਆਈ. ਆਰ. ਅਨੁਸਾਰ ਇਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਨੇ ਰਿੱਚੀ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਗੱਡੀਆਂ ਨੁਕਸਾਨੀਆਂ ਗਈਆਂ।
ਹਾਦਸੇ ਤੋਂ ਬਾਅਦ ਕ੍ਰੇਟਾ ਕਾਰ ਚਲਾਉਣ ਵਾਲਾ ਮੁਲਜ਼ਮ ਗੁਰਸ਼ਰਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਹਾਈਕੋਰਟ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਅੱਜ ਰੱਦ ਕਰ ਦਿੱਤਾ ਗਿਆ। ਇਸ ਫ਼ੈਸਲੇ ਤੋਂ ਬਾਅਦ ਪੁਲਸ ਹੁਣ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵੱਲ ਅਗਲਾ ਕਦਮ ਚੁੱਕੇਗੀ।