ਮਥੁਰਾ ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ SGPC ਪ੍ਰਧਾਨ ਧਾਮੀ ਨੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ/ਟਾਂਡਾ ਉੜਮੁੜ- -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁੱਖ਼ਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ। ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਚਰਨਾਂ ‘ਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਦੇ ਦੁੱਖ਼ ‘ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮਥੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਯੂ. ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਲੋੜ ਅਨੁਸਾਰ ਪੀੜਤਾਂ ਦੀ ਸਹਾਇਤਾ ਕਰਨਗੇ।