ਚੰਡੀਗੜ੍ਹ : ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਇਸ ਵਾਰ ਸੂਬੇ ਦੇ ਸਕੂਲਾਂ ‘ਚ ਜਲਦੀ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ 15 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਦਰਅਸਲ ਈਰਾਨ-ਅਮਰੀਕਾ ਵਿਚਾਲੇ ਚੱਲ ਰਹੀ ਜੰਗ ਦੇ ਮੱਦੇਨਜ਼ਰ ਦੇਸ਼ ਭਰ ਦੇ ਸਕੂਲਾਂ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਆਨਲਾਈਨ ਕਲਾਸਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ ‘ਚ ਆਨਲਾਈਨ ਕਲਾਸਾਂ ਲਾਉਣ ਜਾਂ ਛੁੱਟੀਆਂ ਜਲਦੀ ਕਰਨ ਦਾ ਫ਼ੈਸਲਾ ਲੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ‘ਚ ਵੀ ਗਰਮੀ ਦੀਆਂ ਛੁੱਟੀਆਂ ਪਹਿਲਾਂ ਹੀ ਕੀਤੀਆਂ ਜਾ ਸਕਦੀਆਂ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਕਰਕੇ 20 ਤੋਂ 25 ਮਈ ਤੋਂ ਬਾਅਦ ਗਰਮੀਆਂ ਦੀਆਂ ਛੁੱਟੀਆਂ ਬਾਰੇ ਫ਼ੈਸਲਾ ਲਿਆ ਜਾਂਦਾ ਹੈ ਪਰ ਇਸ ਵਾਰ ਸੰਕੇਤ ਮਿਲ ਰਹੇ ਹਨ ਕਿ ਜੇਕਰ ਕੇਂਦਰ ਸਰਕਾਰ ਕੌਮਾਂਤਰੀ ਪੱਧਰ ‘ਤੇ ਬਣੇ ਹਾਲਾਤ ਦੇ ਮੱਦੇਨਜ਼ਰ ਕੋਈ ਫ਼ੈਸਲਾ ਲੈਂਦੀ ਹੈ ਤਾਂ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਨਲਾਈਨ ਕਲਾਸਾਂ ਵੀ ਲਾਈਆਂ ਜਾ ਸਕਦੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਦੀ ਅਪੀਲ
ਈਰਾਨ-ਅਮਰੀਕਾ ਜੰਗ ਵਿਚਾਲੇ ਪੈਦਾ ਹੋਏ ਆਰਥਿਕ ਹਾਲਾਤਾਂ ਨੂੰ ਮੁੱਖ ਰੱਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਹਿੱਤ ‘ਚ ਕੋਵਿਡ-19 ਦੌਰ ਦੌਰਾਨ ਅਪਣਾਏ ਗਏ ਉਪਾਵਾਂ ਨੂੰ ਦੁਬਾਰਾ ਲਾਗੂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੋਵਿਡ ਸਮੇਂ ਦੌਰਾਨ ਅਸੀਂ ਘਰੋਂ ਕੰਮ ਕਰਨ, ਆਨਲਾਈਨ ਕਲਾਸਾਂ ਲਾਉਣ, ਆਨਲਾਈਨ ਮੀਟਿੰਗਾਂ ਕਰਨ ਅਤੇ ਵੀਡੀਓ ਕਾਨਫਰੰਸਿੰਗ ਦੀ ਵਰਤੋਂ ਕਰਨ ਵਰਗੇ ਅਭਿਆਸਾਂ ਨੂੰ ਅਪਣਾਇਆ ਅਤੇ ਅਸੀਂ ਇਨ੍ਹਾਂ ਪ੍ਰਬੰਧਾਂ ਨੂੰ ਸੁਵਿਧਾਜਨਕ ਬਣਾਉਣ ਲਈ ਕਈ ਪ੍ਰਣਾਲੀਆਂ ਵਿਕਸਤ ਕੀਤੀਆਂ। ਅਸੀਂ ਉਨ੍ਹਾਂ ਦੇ ਆਦੀ ਵੀ ਹੋ ਗਏ ਸੀ। ਅੱਜ ਸਮੇਂ ਦੀ ਲੋੜ ਇਨ੍ਹਾਂ ਅਭਿਆਸਾਂ ਨੂੰ ਮੁੜ ਸੁਰਜੀਤ ਕਰਨ ਦੀ ਹੈ।















