ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਇਕ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀ ਗਈ ਕੁਝ ਜਾਣਕਾਰੀ ਨੂੰ ਸੰਸਥਾ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ‘ਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।
ਐੱਸ. ਜੀ. ਪੀ. ਸੀ. ਦਾ ਕਹਿਣਾ ਹੈ ਕਿ ਸਿੱਟ ਵੱਲੋਂ ਭੇਜੇ ਗਏ ਪੱਤਰਾਂ ਵਿੱਚ ਕਮੇਟੀ ਦੇ ਬੈਂਕ ਖ਼ਾਤਿਆਂ, ਵਿੱਤੀ ਲੈਣ-ਦੇਣ, ਬੈਲੇਂਸ ਸ਼ੀਟ ਅਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲਾਂ ਨਾਲ ਕੀਤੇ ਗਏ ਸਮਝੌਤਿਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਜਾਣਕਾਰੀਆਂ ਦਾ 328 ਪਾਵਨ ਸਰੂਪਾਂ ਦੇ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਉਹ ਪਹਿਲਾਂ ਹੀ SIT ਨੂੰ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਰਾਹੀਂ ਲੋੜੀਂਦਾ ਰਿਕਾਰਡ ਮੁਹੱਈਆ ਕਰਵਾ ਚੁੱਕੇ ਹਨ। ਐੱਸ. ਜੀ. ਪੀ. ਸੀ. ਨੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਤੱਥਾਂ ‘ਤੇ ਵਿਚਾਰ ਕਰਨ ਅਤੇ ਸੰਸਥਾ ਦੇ ਅੰਦਰੂਨੀ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਬੰਦ ਕਰਕੇ ਉਚਿਤ ਆਦੇਸ਼ ਜਾਰੀ ਕਰਨ।















