3 ਮਹੀਨਿਆਂ ਦੇ ਅੰਦਰ ਹੋਵੇਗੀ ਲੰਬਿਤ ਫੈਸਲਿਆਂ ਦੀ ਸੁਣਵਾਈ, ਹਾਈ ਕੋਰਟਾਂ ਨੂੰ ਸੁਪਰੀਮ ਕੋਰਟ ਵਲੋਂ ਨਿਰਦੇਸ਼ ਜਾਰੀ

ਨਵੀਂ ਦਿੱਲੀ : ਭਾਰਤ ਦੀ ਸੁਪਰੀਮ ਕੋਰਟ ਵਲੋਂ ਲੰਬਿਤ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਕੋਰਟ ਨੇ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਨੂੰ ਫੈਸਲੇ ਦੇਣ ਵਿੱਚ ਦੇਰੀ ਨੂੰ ਰੋਕਣ ਲਈ ਬਾਈਡਿੰਗ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 142 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਤੁਰੰਤ ਫੈਸਲੇ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੇਸ਼ ਭਰ ਦੀਆਂ ਹਾਈ ਕੋਰਟਾਂ ਨੂੰ ਕਿਸੇ ਵੀ ਲੰਬਿਤ ਮਾਮਲੇ ਵਿੱਚ ਆਦੇਸ਼ ਰਾਖਵੇਂ ਰੱਖਣ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ ਫੈਸਲੇ ਸੁਣਾਉਣ ਦਾ ਨਿਰਦੇਸ਼ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਨਿੱਜੀ ਆਜ਼ਾਦੀ ਨਾਲ ਜੁੜੇ ਮਾਮਲਿਆਂ ਵਿੱਚ ਤੇਜ਼ੀ ਨਾਲ ਫੈਸਲੇ ਲੈਣ ਦੀ ਲੋੜ ਹੁੰਦੀ ਹੈ। ਬੈਂਚ ਨੇ ਕਿਹਾ ਕਿ ਜ਼ਮਾਨਤ ਅਰਜ਼ੀਆਂ ‘ਤੇ ਹੁਕਮ ਉਸੇ ਦਿਨ ਸੁਣਾਏ ਜਾਣੇ ਚਾਹੀਦੇ ਹਨ ਅਤੇ ਜੇਕਰ ਹੁਕਮ ਰਾਖਵਾਂ ਰੱਖਿਆ ਜਾਂਦਾ ਹੈ, ਤਾਂ ਇਸਨੂੰ ਅਗਲੇ ਦਿਨ ਸੁਣਾਇਆ ਜਾਣਾ ਚਾਹੀਦਾ ਹੈ ਅਤੇ ਅਪਲੋਡ ਕੀਤਾ ਜਾਣਾ ਚਾਹੀਦਾ ਹੈ। ਕਈ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜ਼ਮਾਨਤ ਦੇਣ ਜਾਂ ਸਜ਼ਾ ਮੁਅੱਤਲ ਕਰਨ ਦੇ ਹੁਕਮ ਤੋਂ ਤੁਰੰਤ ਬਾਅਦ ਜੇਲ੍ਹ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਚਾਰ ਅਧੀਨ ਕੈਦੀ ਜਾਂ ਦੋਸ਼ੀ ਨੂੰ ਉਸੇ ਦਿਨ ਜਾਂ ਵੱਧ ਤੋਂ ਵੱਧ ਅਗਲੇ ਦਿਨ, ਜਿੱਥੋਂ ਤੱਕ ਸੰਭਵ ਹੋ ਸਕੇ, ਰਿਹਾਅ ਕੀਤਾ ਜਾਣਾ ਚਾਹੀਦਾ ਹੈ।