ਪੰਜਾਬ ‘ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

ਜ਼ੀਰਾ : ਪਿਛਲੇ ਲੰਬੇ ਸਮੇਂ ਤੋਂ ਸੂਬੇ ਭਰ ’ਚ ਕੰਮ ਕਰਦੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਮੰਨਣ ਦੀ ਬਜਾਏ ਸਿਰਫ ਸਮਾਂ ਲੰਘਾ ਰਹੀ ਹੈ, ਜਿਸ ਕਾਰਨ ਬਸ ਕਾਮਿਆਂ ’ਚ ਰੋਸ ਵੱਧਦਾ ਜਾ ਰਿਹਾ ਹੈ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੱਥੇਬੰਦੀ ਵੱਲੋਂ 2 ਜੂਨ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਕੀਤੀ ਜਾ ਰਹੀ ਮੀਟਿੰਗ ’ਚ ਜੇਕਰ ਸਾਡੀਆਂ ਮੰਗਾਂ ’ਤੇ ਸਹਿਮਤੀ ਨਾ ਬਣੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ 25/11 ਯੂਨੀਅਨ ਸਬ ਡੀਪੂ ਜ਼ੀਰਾ ਦੀ ਬੱਸ ਸਟੈਂਡ ਵਿਖੇ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਜਗਦੀਪ ਸਿੰਘ ਸੰਧੂ ਅਤੇ ਚੇਅਰਮੈਨ ਗੁਰਪ੍ਰੀਤ ਸਿੰਘ ਬਰਾੜ ਨੇ ਕੀਤਾ।
ਆਗੂਆਂ ਨੇ ਕਿਹਾ ਕਿ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਮਜ਼ਬੂਤ ਕਰਨ ਦੀ ਬਜਾਏ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਤਰਜ਼ੀਹ ਦੇ ਰਹੀ ਹੈ, ਜਿਸ ਨਾਲ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਾਵਜੂਦ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਬਰਾਬਰ ਕੰਮ-ਬਰਾਬਰ ਤਨਖ਼ਾਹ ਦੇ ਅਦਾਲਤੀ ਫ਼ੈਸਲਿਆਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ। ਯੂਨੀਅਨ ਆਗੂਆਂ ਪ੍ਰਧਾਨ ਜਗਦੀਪ ਸਿੰਘ ਸੰਧੂ, ਸਰਪ੍ਰਸਤ ਬੂਟਾ ਸਿੰਘ ਵੜੈਚ ਅਤੇ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਕੀਤਾ ਤਾਂ ਬੱਸ ਕਾਮੇ ਸਰਕਾਰ ਖ਼ਿਲਾਫ਼ ਆਰ ਜਾਂ ਪਾਰ ਦੀ ਲੜਾਈ ਸ਼ੁਰੂ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ।
ਇਸ ਮੌਕੇ ਸਰਪ੍ਰਸਤ ਬੂਟਾ ਸਿੰਘ ਵੜੈਚ, ਚੇਅਰਮੈਨ ਗੁਰਪ੍ਰੀਤ ਸਿੰਘ ਬਰਾੜ ਫੇਰੋਕੇ, ਪ੍ਰਧਾਨ ਜਗਦੀਪ ਸਿੰਘ, ਜਰਨਲ ਸਕੱਤਰ ਸੁਖਪ੍ਰੀਤ ਸਿੰਘ, ਕੈਸ਼ੀਅਰ ਅਮਨਦੀਪ ਸਿੰਘ ਭਾਗੋ ਕੇ, ਜਗਜੀਤ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ, ਜਗਰੂਪ ਸਿੰਘ ਕੁਹਾਲਾ, ਪਰਗਟ ਸਿੰਘ, ਦੁੱਲਾ ਸਿੰਘ, ਗੁਰਦੇਵ ਸਿੰਘ, ਅਰਵਿੰਦਰ ਸਿੰਘ ਗੋਲਡੀ, ਰਾਜਵਿੰਦਰ ਸਿੰਘ ਖਾਲਸਾ, ਅਮਨਦੀਪ ਸਿੰਘ ਜੰਮੂ, ਗੁਰਦੀਪ ਸਿੰਘ ਸੰਧੂ, ਦਵਿੰਦਰ ਸਿੰਘ ਭੁੱਲਰ, ਪ੍ਰਦੀਪ ਸ਼ਰਮਾ, ਗੁਲਸ਼ਨ ਸ਼ਰਮਾ ਆਦਿ ਹਾਜ਼ਰ ਸਨ।