ਹਾਈਕੋਰਟ ਵੱਲੋਂ ਪੋਲਿੰਗ ਏਜੰਟ ਜੋਬਨਪ੍ਰੀਤ ਸਿੰਘ ਦੀ ਰਿਹਾਈ ਦਾ ਹੁਕਮ

ਡੀਗੜ੍ਹ : ਮਜੀਠਾ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਦੀ ਕਥਿਤ ਤੌਰ ‘ਤੇ ਨਾਜਾਇਜ਼ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਜੋਬਨਪ੍ਰੀਤ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮੰਨਿਆ ਕਿ ਪੰਜਾਬ ਪੁਲਸ ਵੱਲੋਂ ਜੋਬਨਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਰੱਖਣ ਦੀ ਪ੍ਰਕਿਰਿਆ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਜਾਣਕਾਰੀ ਅਨੁਸਾਰ, ਪੁਲਸ ਨੇ 31 ਮਈ ਦੀ ਸਵੇਰ ਨੂੰ ਜੋਬਨਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਸੀ। ਦੋਸ਼ ਹੈ ਕਿ ਗ੍ਰਿਫ਼ਤਾਰੀ ਦੇ ਸਮੇਂ ਪੁਲਸ ਨੇ ਕੋਈ ਵੀ ਲਿਖਤੀ ਆਧਾਰ ਪੇਸ਼ ਨਹੀਂ ਕੀਤਾ, ਜੋ ਕਿ ਭਾਰਤੀ ਸੰਵਿਧਾਨ ਦੀ ਧਾਰਾ 22(1) ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਹੈ।
ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜੋਬਨਪ੍ਰੀਤ ਸਿੰਘ ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਿਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਚੋਣ ਏਜੰਟ ਵਜੋਂ ਕੰਮ ਕਰ ਰਿਹਾ ਸੀ। ਉਸ ਦੇ ਪਿਤਾ ਮੁਖਵੰਤ ਸਿੰਘ ਨੇ ਅਦਾਲਤ ਵਿੱਚ ਦੋਸ਼ ਲਾਇਆ ਕਿ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਉਨ੍ਹਾਂ ਦੇ ਪੁੱਤਰ ਨੂੰ ਗੈਰ-ਸੰਵਿਧਾਨਕ ਅਤੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਸੀ।
ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੋਮਵਾਰ ਨੂੰ ਪੰਜਾਬ ਸਰਕਾਰ, ਡੀ.ਜੀ.ਪੀ. ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਗ੍ਰਿਫ਼ਤਾਰੀ ਦੌਰਾਨ ਸੰਵਿਧਾਨਕ ਸੁਰੱਖਿਆ ਉਪਾਵਾਂ ਦੀ ਪਾਲਣਾ ਨਹੀਂ ਕੀਤੀ ਗਈ। ਅਦਾਲਤ ਦੇ ਇਸ ਫ਼ੈਸਲੇ ਨੂੰ ਨਿੱਜੀ ਸੁਤੰਤਰਤਾ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਦੇ ਨਜ਼ਰੀਏ ਤੋਂ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।