ਨਵੀਂ ਦਿੱਲੀ- ਕਾਕਰੋਚ ਜਨਤਾ ਪਾਰਟੀ (CJP) ਦੇ ਮੈਂਬਰਾਂ ਨੇ ਸ਼ਨੀਵਾਰ ਨੂੰ ਜੰਤਰ-ਮੰਤਰ ‘ਤੇ ਆਪਣਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਸ ਅਤੇ ਅਰਧ ਸੈਨਿਕ ਬਲਾਂ ਨੂੰ ਰਾਸ਼ਟਰੀ ਰਾਜਧਾਨੀ ‘ਚ ਮੁੱਖ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਸੀਜੇਪੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਨੂੰ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਅਗਵਾਈ ‘ਚ ਮੱਧ ਦਿੱਲੀ, ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਪ੍ਰਮੁੱਖ ਰੇਲਵੇ ਸਟੇਸ਼ਨਾਂ, ਅੰਤਰਰਾਜੀ ਬੱਸ ਟਰਮੀਨਲਾਂ ਅਤੇ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੇ ਸਰਹੱਦੀ ਪ੍ਰਵੇਸ਼ ਸਥਾਨਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵੱਡੀ ਗਿਣਤੀ ‘ਚ ਪ੍ਰਦਰਸ਼ਕਾਰੀ ਇਕੱਠੇ ਹੋਏ ਹਨ।
ਸੂਤਰਾਂ ਅਨੁਸਾਰ, ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਦਿੱਲੀ ਪੁਲਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਲਗਭਗ 40 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਵੱਖ-ਵੱਖ ਜ਼ਿਲ੍ਹਿਆਂ ਦੇ ਸੰਯੁਕਤ ਪੁਲਸ ਕਮਿਸ਼ਨਰ, ਪੁਲਸ ਡਿਪਟੀ ਕਮਿਸ਼ਨਰ, ਪੁਲਿਸ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਡਿਪਟੀ ਕਮਿਸ਼ਨਰ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਫੀਲਡ ਡਿਊਟੀ ਸੌਂਪੀ ਗਈ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕੇਂਦਰੀ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਦੇ ਹੋਰ ਰਣਨੀਤਕ ਸਥਾਨਾਂ ਵੱਲ ਜਾਣ ਵਾਲੇ ਰਸਤਿਆਂ ‘ਤੇ ਵਾਹਨਾਂ ਦੀ ਜਾਂਚ ਵੀ ਤੇਜ਼ ਕਰ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ ‘ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਘਰ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ, ਸੀਨੀਅਰ ਅਧਿਕਾਰੀਆਂ ਨੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਅਤੇ ਫੀਲਡ ਯੂਨਿਟਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ। ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਫੋਰਸਾਂ ਨੂੰ ਤਿਆਰ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸਪੈਸ਼ਲ ਬ੍ਰਾਂਚ ਸਾਰੇ ਜ਼ਿਲ੍ਹਿਆਂ ‘ਚ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਰੋਧ ਪ੍ਰਦਰਸ਼ਨਾਂ ਦੀ ਆੜ ‘ਚ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕਰੇ। ਪ੍ਰਦਰਸ਼ਨਕਾਰੀਆਂ ਨਾਲ ਸਬੰਧਤ ਸੋਸ਼ਲ ਮੀਡੀਆ ਗਤੀਵਿਧੀ ‘ਤੇ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।















