ਚੰਡੀਗੜ੍ਹ : ਧਨਾਸ ਝੀਲ ’ਚੋਂ ਕਰੀਬ 7 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਸੈਕਟਰ-11 ਥਾਣਾ ਪੁਲਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ। ਬੱਚੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਸਵੇਰੇ ਸੈਰ ਕਰਨ ਆਏ ਇਕ ਵਿਅਕਤੀ ਨੇ ਝੀਲ ’ਚ ਲਾਸ਼ ਤੈਰਦੀ ਦੇਖ ਕੇ ਪੁਲਸ ਨੂੰ ਸੂਚਿਤ ਕੀਤਾ।
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਬੱਚੇ ਦੀ ਉਮਰ ਕਰੀਬ 7 ਤੋਂ 8 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਲਾਸ਼ ਕੋਲੋਂ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲੇ, ਜਿਸ ਕਾਰਨ ਸ਼ਨਾਖਤ ਵਿੱਚ ਮੁਸ਼ਕਲ ਆ ਰਹੀ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਰੈਂਸਿਕ ਮੋਬਾਇਲ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਟੀਮ ਨੇ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਮੌਕੇ ਦੀ ਵੀਡੀਓਗ੍ਰਾਫੀ ਵੀ ਕੀਤੀ। ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਫੋਰੈਂਸਿਕ ਰਿਪੋਰਟਾਂ ਤੋਂ ਬਾਅਦ ਹੀ ਲੱਗ ਸਕੇਗਾ।
ਲਾਪਤਾ ਹੋਣ ਦੇ ਰਿਕਾਰਡ ਦੀ ਜਾਂਚ ਕਰ ਰਹੀ ਪੁਲਸ
ਉੱਧਰ, ਸੈਕਟਰ-11 ਥਾਣਾ ਪੁਲਸ ਨੇ ਮ੍ਰਿਤਕ ਬੱਚੇ ਦੀ ਪਛਾਣ ਲਈ ਟ੍ਰਾਈਸਿਟੀ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਲਾਪਤਾ ਬੱਚਿਆਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਆਲੇ-ਦੁਆਲੇ ਦੇ ਇਲਾਕਿਆਂ ਦੀਆਂ ਸੀ. ਸੀ. ਟੀ. ਵੀ. ਫੁਟੇਜ ਵੀ ਖੰਗਾਲੀਆਂ ਜਾ ਰਹੀਆਂ ਹਨ। ਪੁਲਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।















