ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਚੰਡੀਗੜ੍ਹ/ਅੰਮ੍ਰਿਤਸਰ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਬਣੀ ਐੱਸ. ਆਈ. ਟੀ. ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ, ਜਿਸ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਸਾਬਕਾ ਜੱਥੇਦਾਰ ਨੇ ਬਿਆਨ ਦਰਜ ਕਰਵਾਏ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ। ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ‘ਤੇ ਗੋਲੀਆਂ ਚਲਵਾਈਆਂ ਗਈਆਂ ਸਨ।
ਬਹਿਬਲ ਕਲਾਂ ਗੋਲੀਕਾਂਡ ਮਾਮਲਾ
ਦੱਸ ਦੇਈਏ ਕਿ ਅਕਤੂਬਰ, 2015 ਨੂੰ ਫਰੀਦਕੋਟ ਦੇ ਬਹਿਬਲ ਕਲਾਂ ‘ਚ ਪੁਲਸ ਵਲੋਂ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਲੋਕ ਬਹਿਬਲ ਕਲਾਂ, ਕੋਟਕਪੂਰਾ ਅਤੇ ਹੋਰ ਕਈ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਪੁਲਸ ਗੋਲੀਬਾਰੀ ‘ਚ ਦੋ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਪੀੜਤ ਪਰਿਵਾਰਾਂ ਅਤੇ ਕੁੱਝ ਸਿੱਖ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਗੋਲੀਬਾਰੀ ਲਈ ਤਤਕਾਲੀ ਸਰਕਾਰ ਅਤੇ ਇਸ ਦੀ ਲੀਡਰਸ਼ਿਪ ਜ਼ਿੰਮੇਵਾਰ ਹੈ। ਇਸ ਕਾਰਨ ਕਰਕੇ ਇਸ ਮਾਮਲੇ ਨੂੰ ਲੈ ਕੇ ਬਣੀ ਐੱਸ. ਆਈ. ਟੀ. ਨੇ ਕਈ ਮੌਕਿਆਂ ‘ਤੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ।
ਇਸ ਮਾਮਲੇ ‘ਚ ਕਾਨੂੰਨੀ ਕਾਰਵਾਈਆਂ ਅਜੇ ਵੀ ਅਦਾਲਤਾਂ ‘ਚ ਚੱਲ ਰਹੀਆਂ ਹਨ। 2024 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਪਾਰਟੀ ਦੇ ਕਈ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਵਿਵਾਦਿਤ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਤਲਬ ਕੀਤਾ ਸੀ। ਇਸ ਸਬੰਧ ‘ਚ ਸੁਖਬੀਰ ਬਾਦਲ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ (ਧਾਰਮਿਕ ਸਜ਼ਾ) ਕਰਾਰ ਦਿੱਤਾ ਗਿਆ ਸੀ।