ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪਸ਼ਟੀਕਰਨ ਦਿੱਤਾ ਹੈ । ਇਸ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਾਮਲੇ ਅਤੇ ਆਪਣੇ ਅਸਤੀਫੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਵੱਡਾ ਬਿਆਨ ਦਿੱਤਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਤਹਿਤ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਸੌਂਪੀ ਗਈ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਕੁਝ ਕਾਰਨਾਂ ਕਰਕੇ ਜਦੋਂ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਤੋਂ ਅਸਤੀਫੇ ਦਿੱਤਾ ਸੀ, ਉਸ ਸਮੇਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਪੀਏ ਜਸਪਾਲ ਸਿੰਘ ਨੂੰ ਸੌਂਪ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਇਹ ਗੱਲਾਂ ਚੱਲ ਰਹੀਆਂ ਹਨ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ, ਪਰ ਉਨ੍ਹਾਂ ਨੇ ਕੋਈ ਅਵਗਿਆ ਨਹੀਂ ਕੀਤੀ। ਧਾਮੀ ਨੇ ਦਾਅਵਾ ਕੀਤਾ ਕਿ ਉਸ ਸਮੇਂ ਵੀ ਅਤੇ ਅੱਜ ਵੀ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਸਿੰਘ ਸਾਹਿਬਾਨ ਅੱਗੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਕੀਤਾ ਜਾਣਾ ਹੈ।
ਦਿੱਤੇ ਗਏ ਸਪਸ਼ਟੀਕਰਨ ਬਾਰੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਉਨ੍ਹਾਂ ਦਾ ਨਾਮ ਵੀ ਸ਼ਾਮਲ ਸੀ ਅਤੇ ਉਨ੍ਹਾਂ ਨੇ ਕੁਝ ਕਾਰਨਾ ਕਰਕੇ ਉਸ ਸਮੇਂ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਕਮੇਟੀ ਤੋਂ ਆਪਣਾ ਨਾਮ ਵਾਪਸ ਲੈਣ ਲਈ ਪੱਤਰ ਦਿੱਤਾ ਸੀ । ਧਾਮੀ ਨੇ ਕਿਹਾ ਇਸ ਮੁੱਦੇ ਨੂੰ ਲੈ ਕੇ ਕੁਝ ਵਿਰੋਧੀ ਉਨ੍ਹਾਂ ਪ੍ਰਤੀ ਰੋਸ ਜ਼ਾਹਰ ਕਰ ਰਹੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਉਨ੍ਹਾਂ ਨੂੰ ਤਲਬ ਕਰਨ ਦੀ ਮੰਗ ਕਰ ਰਹੇ ਹਨ । ਜਿਸ ਸਬੰਧ ਵਿੱਚ ਉਨ੍ਹਾਂ ਨੇ ਆਪਣੀ ਸਵੈ ਇੱਛਾ ਦੇ ਨਾਲ ਜਥੇਦਾਰ ਅੱਗੇ ਆਪਣਾ ਸਪਸ਼ਟੀਕਰਨ ਪੱਖ ਰੱਖਿਆ ਹੈ ਜੋ ਵੀ ਫੈਸਲਾ ਜਥੇਦਾਰ ਉਨ੍ਹਾਂ ਦੇ ਸੰਬੰਧ ਵਿੱਚ ਲੈਣਗੇ ਉਹ ਪ੍ਰਵਾਨ ਹੋਵੇਗਾ ।
ਇਸ ਮੌਕੇ ਧਾਮੀ ਨੇ ਇਹ ਵੀ ਕਿਹਾ ਕਿ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਨੂੰ ਲੈ ਕੇ ਜੋ ਚਰਚਾਵਾਂ ਚੱਲ ਰਹੀਆਂ ਹਨ, ਉਸ ਬਾਰੇ ਉਹ ਜਲਦ ਹੀ ਹੋਰ ਖੁਲਾਸੇ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਮੀਡੀਆ ਰਿਪੋਰਟਾਂ ਗਲਤ ਤਰੀਕੇ ਨਾਲ ਪੇਸ਼ ਕੀਤੀਆਂ ਜਾ ਰਹੀਆਂ ਹਨ, ਜਦਕਿ ਹਕੀਕਤ ਇਹ ਹੈ ਕਿ ਉਨ੍ਹਾਂ ਵੱਲੋਂ ਕੋਈ ਵੀ ਅਵਗਿਆ ਨਹੀਂ ਹੋਈ। ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਿੰਘ ਸਾਹਿਬਾਨ ਦੇ ਫੈਸਲੇ ਸਭ ਲਈ ਸਿਰਮੌਰ ਹਨ ਅਤੇ ਉਨ੍ਹਾਂ ਦਾ ਆਦਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਅਤੇ ਹੋਰ ਰਾਜਨੀਤਿਕ ਮਾਮਲਿਆਂ ਬਾਰੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਿਹੜੇ ਵੀ ਹੁਕਮ ਜਾਰੀ ਹੋਣਗੇ, ਉਨ੍ਹਾਂ ਨੂੰ ਪੰਥਕ ਰੂਪ ਵਿੱਚ ਅਮਲ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਉਹ ਪਹਿਲਾਂ ਵੀ ਆਪਣਾ ਪੱਖ ਸਪਸ਼ਟ ਕਰ ਚੁੱਕੇ ਹਨ ਅਤੇ ਅੱਜ ਵੀ ਸਿੰਘ ਸਾਹਿਬਾਨ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਹੁਣ ਫੈਸਲਾ ਅਕਾਲ ਤਖ਼ਤ ਸਾਹਿਬ ਦੀ ਮਰਜ਼ੀ ਅਨੁਸਾਰ ਹੀ ਹੋਵੇਗਾ।















