ਗੁਰਦਾਸਪੁਰ – ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਚੋਰ ਸਿੱਧਵਾਂ ਦੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ‘ਤੇ ਆਏ ਅਤੇ ਸਰਪੰਚ ਦੇ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਕੇ ਫਾਇਰਿੰਗ ਕਰਕੇ ਫਰਾਰ ਹੋ ਗਏ। ਗੇਟ ‘ਤੇ ਦੋ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਚਾਰ ਖੋਲ ਬਰਾਮਦ ਕੀਤੇ ਹਨ।
ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਅਣਪਛਾਤੇ ਵਿਅਕਤੀ ਘਰ ਦੇ ਬਾਹਰ ਪਹੁੰਚੇ ਸਨ। ਕਰੀਬ ਡੇਢ ਵਜੇ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ, ਪਰ ਉਨ੍ਹਾਂ ਸਮਝਿਆ ਕਿ ਕੋਈ ਪਟਾਕੇ ਚਲਾ ਰਿਹਾ ਹੈ। ਸਵੇਰੇ ਉੱਠਣ ‘ਤੇ ਘਰ ਦੇ ਅੰਦਰ ਦੋ ਗੋਲੀਆਂ ਦੇ ਖੋਲ ਮਿਲੇ, ਜਿਸ ਤੋਂ ਬਾਅਦ ਪੂਰਾ ਪਰਿਵਾਰ ਸਹਿਮ ਗਿਆ। ਉਨ੍ਹਾਂ ਤੁਰੰਤ ਥਾਣਾ ਸਦਰ ਪੁਲਸ ਨੂੰ ਸੂਚਿਤ ਕੀਤਾ।
ਸਰਪੰਚ ਨੇ ਆਪਣੇ ਬਿਆਨ ‘ਚ ਦੱਸਿਆ ਕਿ ਉਨ੍ਹਾਂ ਨੂੰ ਕਦੇ ਵੀ ਫਿਰੌਤੀ ਲਈ ਕੋਈ ਕਾਲ ਨਹੀਂ ਆਈ ਅਤੇ ਨਾ ਹੀ ਉਨ੍ਹਾਂ ਦੀ ਕਿਸੇ ਨਾਲ ਇਸ ਤਰ੍ਹਾਂ ਦੀ ਦੁਸ਼ਮਣੀ ਹੈ। ਮੌਕੇ ‘ਤੇ ਡੀਐਸਪੀ ਸ਼ਾਹਬਾਜ਼ ਸਿੰਘ ਅਤੇ ਥਾਣਾ ਸਦਰ ਗੁਰਦਾਸਪੁਰ ਦੇ ਪੁਲਸ ਅਧਿਕਾਰੀ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਆਂ ਚਲਾਉਣ ਵਾਲਿਆਂ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।















