20 ਜੁਲਾਈ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ : ਵੰਦੇ ਮਾਤਰਮ ਦੇ ਅਪਮਾਨ ਸਣੇ ਕਈ ਬਿੱਲ ਹੋਣਗੇ ਪੇਸ਼

ਨਵੀਂ ਦਿੱਲੀ – ਸੰਸਦ ਦਾ ਮਾਨਸੂਨ ਸੈਸ਼ਨ ਇਸ ਵਾਰ 20 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ ਅਗਸਤ ਮਹੀਨੇ ਤੱਕ ਜਾਰੀ ਰਹੇਗਾ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦਾ ਅਪਮਾਨ ਕਰਨ ਜਾਂ ਇਸ ਵਿਚ ਰੁਕਾਵਟ ਪਾਉਣ ਨੂੰ ਸਜ਼ਾਯੋਗ ਅਪਰਾਧ ਬਣਾਉਣ ਅਤੇ ਜਨਮ ਤੇ ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ ਲਈ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਸਮੇਤ ਹੋਰ ਕਈ ਬਿੱਲਾਂ ਨੂੰ ਲੋਕ ਸਭਾ ਵਿਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਨੇ ਇਕ ਬੁਲੇਟਿਨ ਵੀ ਜਾਰੀ ਕੀਤਾ ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ ਵਿਦੇਸ਼ੀ ਯੋਗਦਾਨ (ਨਿਯਮ) ਸੋਧ ਬਿੱਲ, 2026 ਨੂੰ ਵੀ ਵਿਚਾਰ ਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਹੈ।
ਇਹ ਬਿੱਲ ਬਜਟ ਸੈਸ਼ਨ ਦੌਰਾਨ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਸੀ ਪਰ ਉਸ ਸਮੇਂ ਇਸ ’ਤੇ ਵਿਚਾਰ ਨਹੀਂ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਉਸ ਸਮੇਂ ਕੇਰਲਮ ਵਿਚ ਵਿਧਾਨ ਸਭਾ ਚੋਣਾਂ ਹੋਣ ਕਾਰਨ ਕੁਝ ਵਰਗਾਂ, ਖਾਸ ਕਰ ਕੇ ਈਸਾਈ ਚੈਰੀਟੇਬਲ ਸੰਗਠਨਾਂ ਦੇ ਵਿਰੋਧ ਕਾਰਨ ਬਿੱਲ ਨੂੰ ਅੱਗੇ ਨਹੀਂ ਵਧਾਇਆ ਗਿਆ ਸੀ। ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਰਾਸ਼ਟਰੀ ਸਨਮਾਨ ਦੇ ਅਪਮਾਨ ਦੀ ਰੋਕਥਾਮ (ਸੋਧ) ਬਿੱਲ, 2026 ਨੂੰ ਪੇਸ਼ ਕਰਨ, ਵਿਚਾਰ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਇਹ ਬਿੱਲ ਰਾਸ਼ਟਰੀ ਸਨਮਾਨ ਦੇ ਅਪਮਾਨ ਦੀ ਰੋਕਥਾਮ ਐਕਟ, 1971 ਵਿਚ ਸੋਧ ਦੀ ਵਿਵਸਥਾ ਕਰਦਾ ਹੈ। ਸੰਸਦ ਦਾ ਮਾਨਸੂਨ ਸੈਸ਼ਨ 13 ਅਗਸਤ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।