ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ‘ਤੇ ਅਣਮਿੱਥੇ ਸਮੇਂ ਲਈ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਸ ਚੁੱਕ ਕੇ ਹਸਪਤਾਲ ਲੈ ਗਈ ਹੈ, ਜਿਸ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੌਰਾਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਪੁਲਸ ‘ਤੇ ਵੱਡਾ ਦੋਸ਼ ਲਾਇਆ ਹੈ।
ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ, “ਦਿੱਲੀ ਦੇ ਜੰਤਰ-ਮੰਤਰ ‘ਤੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਕੁੱਟਿਆ ਅਤੇ ਹਿਰਾਸਤ ਵਿੱਚ ਲਿਆ।” ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ, “ਪੁਲਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਵੀ ਕੀਤਾ।” ਦੱਸ ਦੇਈਏ ਕਿ ਇਹ ਘਟਨਾ ਪੁਲਸ ਵੱਲੋਂ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੂੰ ਹਟਾਉਣ ਤੋਂ ਬਾਅਦ ਵਾਪਰੀ ਹੈ, ਜੋ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਸੀ।















