ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT, ਘਰੋਂ ਨਿਕਲਣ ਤੋਂ ਪਹਿਲਾਂ…

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। ਦਰਅਸਲ ਅੱਜ ਮਤਲਬ ਕਿ 3 ਤੋਂ 5 ਅਗਸਤ ਤੱਕ ਸੂਬੇ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਸੂਬਾ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ 3 ਤੋਂ 5 ਅਗਸਤ ਤੱਕ ਤਿੰਨ ਰੋਜ਼ਾ ਚੱਕਾ ਜਾਮ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਦੌਰਾਨ ਵੀ ਮੰਗਾਂ ਦਾ ਹੱਲ ਨਾ ਕੀਤਾ ਜਾਂ ਧੱਕੇਸ਼ਾਹੀ ਕੀਤੀ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੱਤਾਧਿਰ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਪੂਰੀਆਂ ਤਨਖ਼ਾਹਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇੱਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਕਰੀਬ 70 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਭਰੋਸੇ ਦੇ ਕੇ ਮਾਮਲੇ ਨੂੰ ਟਾਲਿਆ ਗਿਆ ਹੈ।
ਇਸ ਲਈ ਉਹ ਬੱਸਾਂ ਦਾ ਚੱਕਾ ਜਾਮ ਕਰਨ ਲਈ ਮਜਬੂਰ ਹਨ। ਯੂਨੀਅਨ ਨੇ ਐਲਾਨ ਕਰਦਿਆਂ ਕਿਹਾ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਜਾਂ ਪ੍ਰਬੰਧਨ ਨੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਕੀਤੀ ਤਾਂ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗੀ ਪ੍ਰਬੰਧਨ ਦੀ ਹੋਵੇਗੀ।