ਨਵੀਂ ਦਿੱਲੀ : ਅਯੁੱਧਿਆ ਦੇ ਰਾਮ ਮੰਦਰ ਵਿੱਚ ਕਥਿਤ ਚੜ੍ਹਾਵਾ ਚੋਰੀ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਪੁਲਸ ਕਾਰਵਾਈ ਦੇ ਮੁੱਦੇ ‘ਤੇ ਕਾਂਗਰਸ, ਸਮਾਜਵਾਦੀ ਪਾਰਟੀ ਸਣੇ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਲੋਕ ਸਭਾ ਅਤੇ ਰਾਜ ਸਭਾ ਵਿਚ ਹੰਗਾਮਾ ਕੀਤਾ ਗਿਆ। ਇਸ ਹੰਗਾਮੇ ਕਾਰਨ ਦੋਵਾਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਦੋਂ ਸਦਨ ਸਵੇਰੇ 11 ਵਜੇ ਸ਼ੁਰੂ ਹੋਇਆ, ਤਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ 9 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਦਾ ਜ਼ਿਕਰ ਕੀਤਾ।
ਇਸ ਦੌਰਾਨ ਸਦਨ ਵਿਚ ਦੇਸ਼ ਦੀ ਆਜ਼ਾਦੀ ਅੰਦੋਲਨ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪਲ ਦਾ ਮੌਨ ਰੱਖਿਆ। ਇਸ ਤੋਂ ਬਾਅਦ ਜਦੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ, ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਯੁੱਧਿਆ ਦੇ ਰਾਮ ਮੰਦਰ ਵਿੱਚ ਭੇਟਾਂ ਦੀ ਕਥਿਤ ਚੋਰੀ ਦਾ ਮੁੱਦਾ ਉਠਾਇਆ ਅਤੇ ਨਾਅਰੇਬਾਜ਼ੀ ਕੀਤੀ। ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਿਆਨ ਦੀ ਮੰਗ ਨੂੰ ਦੁਹਰਾਇਆ। ਬਿਰਲਾ ਨੇ ਭਾਰਤ ਛੱਡੋ ਅੰਦੋਲਨ ਦੇ ਸੰਦਰਭ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਯੋਗਦਾਨ ਦਾ ਹਵਾਲਾ ਦਿੰਦੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਸਪੀਕਰ ਨੇ ਕਿਹਾ, “ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਯੋਗਦਾਨ ਸਿਰਫ਼ ਭਾਰਤ ਹੀ ਨਹੀਂ, ਸਗੋਂ ਪੂਰੀ ਦੁਨੀਆ ਲਈ ਖ਼ਾਸ ਹੈ। ਉਨ੍ਹਾਂ ਤੋਂ ਪ੍ਰੇਰਨਾ ਲੈਂਦੀ ਹੈ। ਤੁਹਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਦੇਸ਼ ਦੇ ਅੰਦਰ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਚਰਚਾ, ਸੰਵਾਦ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਆਪਣੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਹਨ।” ਉਨ੍ਹਾਂ ਕਿਹਾ ਕਿ ਪ੍ਰਸ਼ਨ ਕਾਲ ਇੱਕ ਮਹੱਤਵਪੂਰਨ ਸਮਾਂ ਹੈ ਅਤੇ ਇਸਨੂੰ ਜਾਰੀ ਰਹਿਣ ਦੇਣਾ ਚਾਹੀਦਾ ਹੈ। ਬਿਰਲਾ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਇਹ ਵਿਚਾਰ ਦਿੱਤਾ ਹੈ ਕਿ ਜੇਕਰ ਦੇਸ਼ ਦੇ ਅੰਦਰ ਲੋਕਤੰਤਰ ਨੂੰ ਮਜ਼ਬੂਤ ਅਤੇ ਸਸ਼ਕਤ ਬਣਾਉਣਾ ਹੈ, ਤਾਂ ਚਰਚਾ ਅਤੇ ਗੱਲਬਾਤ ਇਸ ਦਾ ਇੱਕੋ ਇੱਕ ਤਰੀਕਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਹਰ ਵਾਰ ਬੇਨਤੀ ਕਰਦਾ ਹਾਂ ਪਰ ਤੁਹਾਡਾ ਆਚਰਣ ਸੰਸਦੀ ਮਰਿਆਦਾ ਦੇ ਅਨੁਸਾਰ ਨਹੀਂ ਹੈ। ਤੁਹਾਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ।”
ਇਸ ਤੋਂ ਬਾਅਦ ਜਦੋਂ ਹੰਗਾਮਾ ਨਾ ਰੁਕਿਆ ਤਾਂ ਉਨ੍ਹਾਂ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਨੂੰ ਸ਼ੁਰੂ ਹੋਇਆ ਸੀ ਅਤੇ ਉਦੋਂ ਤੋਂ ਵੱਖ-ਵੱਖ ਮੁੱਦਿਆਂ ‘ਤੇ ਸਦਨ ਵਿੱਚ ਹੰਗਾਮੇ ਕਾਰਨ ਅੱਜ ਲਗਾਤਾਰ 15ਵੇਂ ਦਿਨ ਪ੍ਰਸ਼ਨ ਕਾਲ ਨਹੀਂ ਹੋ ਸਕਿਆ।














