ਚੰਡੀਗੜ੍ਹ ਪੰਜਾਬ ਕਾਂਗਰਸ ਵੱਲੋਂ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰਾਂ ਮੁਲਾਜ਼ਮਾਂ ਨਾਲ ਹੀ ਚੱਲਦੀਆਂ ਹਨ ਅਤੇ ਪੰਜਾਬ ਦੀ ਤਰੱਕੀ ਵਿਚ ਵੀ ਸਾਡੇ ਮੁਲਾਜ਼ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹੱਕਾਂ, ਉਨ੍ਹਾਂ ਦੀਆਂ ਮੰਗਾਂ ਅਤੇ ਸਨਮਾਨ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਵੜਿੰਗ ਨੇ ਇਹ ਵੀ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ 27 ਅਗਸਤ ਦੇ ਪੰਜਾਬ ਬੰਦ ਦੇ ਸੱਦੇ ‘ਤੇ ਮੁਲਾਜ਼ਮਾਂ ਦੇ ਨਾਲ ਖੜ੍ਹੇ ਹਨ।













