ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਪੰਜਾਬ ਨਾਲ ਸਬੰਧਤ ਅਤੇ ਹੋਰ ਵੱਖ-ਵੱਖ ਮੁੱਦਿਆਂ ਸਣੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਹੋਇਆ ਹੈ। ਪਰਗਟ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦੇ ਮੀਟਿੰਗ ਦੌਰਾਨ ਵਿਚਾਰੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੂਬੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦਕ ਪੱਧਰ ’ਤੇ ਤਿਆਰੀਆਂ ਨੂੰ ਤੇਜ਼ ਕਰਨ ’ਤੇ ਵੀ ਚਰਚਾ ਹੋਈ।
ਪਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਯਾਤਰਾ ਕੀਤੀ ਜਾਵੇਗੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਰਨਾ ਅਤੇ ਸੂਬੇ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਸਮਝਣਾ ਹੋਵੇਗਾ।















