ਨਵੀਂ ਦਿੱਲੀ – ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ, ਖਾਸ ਕਰ ਕੇ ਰਾਜ ਦਾ ਦਰਜਾ ਬਹਾਲ ਕਰਨ ਅਤੇ ਸ਼ਾਸਨ ਵਿਵਸਥਾ ਨਾਲ ਜੁੜੇ ਨਿਯਮਾਂ ਨੂੰ ਅੰਤਿਮ ਰੂਪ ਦੇਣ ‘ਤੇ ਚਰਚਾ ਕੀਤੀ।
ਅਬਦੁੱਲਾ ਵਲੋਂ 20 ਜੁਲਾਈ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ‘ਚ ਪ੍ਰਦਰਸ਼ਨ ਕਰਨ ਤੋਂ ਬਾਅਦ ਇਹ ਦੋਵੇਂ ਨੇਤਾਵਾਂ ਵਿਚਾਲੇ ਪਹਿਲੀ ਮੁਲਾਕਾਤ ਸੀ। ਇਹ ਮੰਗ 5 ਅਗਸਤ 2019 ਤੋਂ ਇਕ ਮੁੱਖ ਰਾਜਨੀਤਕ ਮੁੱਦਾ ਬਣੀ ਹੋਈ ਹੈ, ਜਦੋਂ ਕੇਂਦਰ ਸਰਕਾਰ ਨੇ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਖ਼ਤਮ ਕਰ ਕੇ ਉਸ ਸਮੇਂ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ ਕਸ਼ਮੀਰ ਅਤੇ ਲੱਦਾਖ ‘ਚ ਵੰਡ ਦਿੱਤਾ ਸੀ।
ਕੇਂਦਰ ਦਾ ਕਹਿਣਾ ਹੈ ਕਿ ਉੱਚਿਤ ਸਮੇਂ ‘ਤੇ ਰਾਜ ਦਾ ਦਰਜ ਬਹਾਲ ਕੀਤਾ ਜਾਵੇਗਾ, ਜਦੋਂ ਕਿ ਜੰਮੂ ਕਸ਼ਮੀਰ ਦੀ ਚੁਣੀ ਹੋਈ ਸਰਕਾਰ ਨੇ ਮੌਜੂਦਾ ਵਿਵਸਥਾ ਦੇ ਅਧੀਨ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਵਾਰ-ਵਾਰ ਚੁੱਕਿਆ ਹੈ। ਬੈਠਕ ਦੌਰਾਨ ਮੁੱਖ ਮੰਤਰੀ ਨੇ ਖੇਤਰ ‘ਚ ਜਨਕਲਿਆਣ, ਪ੍ਰਸ਼ਾਸਨਿਕ ਕੁਸ਼ਲਤਾ ਅਤੇ ਲੰਬੇ ਸਮੇਂ ਦੇ ਵਿਕਾਸ ਨਾਲ ਜੁੜੇ ਮੁੱਦੇ ਚੁੱਕੇ।
ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵਲੋਂ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਜਾਰੀ ਬਿਆਨ ਅਨੁਸਾਰ, ਦੋਵਾਂ ਨੇਤਾਵਾਂ ਵਿਚਾਲੇ ਗੱਲਬਾਤ ‘ਚ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਜਲਦ ਬਹਾਲ ਕਰਨ ਅਤੇ ਪ੍ਰਸ਼ਾਸਨਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸ਼ਾਸਨ ਵਿਵਸਥਾ ਨਾਲ ਜੁੜੇ ਨਿਯਮਾਂ ਨੂੰ ਅੰਤਿਮ ਰੂਪ ਦੇਣ ‘ਤੇ ਵਿਸ਼ੇਸ਼ ਰੂਪ ਨਾਲ ਚਰਚਾ ਹੋਈ। ਸੀਐੱਮਓ ਨੇ ਕਿਹਾ,”ਮੁੱਖ ਮੰਤਰੀ ਨੇ ਅੱਜ ਨਵੀਂ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਜੰਮੂ ਕਸ਼ਮੀਰ ਨਾਲ ਜੁੜੇ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ। ਬੈਠਕ ‘ਚ ਰਾਜ ਦਾ ਦਰਜਾ ਬਾਹਲ ਕਰਨ, ਸ਼ਾਸਨ ਵਿਵਸਥਾ ਨਾਲ ਜੁੜੇ ਨਿਯਮਾਂ ਨੂੰ ਅੰਤਿਮ ਰੂਪ ਦੇਣ, ਰਾਖਵਾਂਕਰਨ ਵਿਵਸਥਾ ਨੂੰ ਤਰਕਸੰਗਤ ਬਣਾਉਣ ਅਤੇ ਜਨਕਲਿਆਣ ਤੇ ਵਿਕਾਸ ਨਾਲ ਜੁੜੇ ਹੋਰ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਹੋਈ।”















