ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ

ਨਵੀਂ ਦਿੱਲੀ : ਪੰਜਾਬ ਕਾਂਗਰਸ ਤੋਂ ਬਾਅਦ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਉਨ੍ਹਾਂ ਦੀਆਂ ਅਸਫਲਤਾਵਾਂ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਧਮਕਾਉਣ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਾਉਂਦੇ ਗੁਲਜ਼ਾਰ ਸਿੰਘ ਲਈ ਇਨਸਾਫ਼ ਦੀ ਮੰਗ ਕੀਤੀ। ਗਾਂਧੀ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਐਕਸ ‘ਤੇ ਕਿਹਾ ਕਿ ਆਪਣੇ ਪੁੱਤਰ ਨੂੰ ਨਸ਼ੇ ਦਾ ਸ਼ਿਕਾਰ ਬਣਦੇ ਦੇਖਣ ਵਾਲੇ ਗੁਲਜ਼ਾਰ ਸਿੰਘ ਨੇ ਰਾਜ ਦੇ ਵਿੱਤ ਮੰਤਰੀ ਨੂੰ ਸਿਰਫ਼ ਇਹ ਪੁੱਛਿਆ ਸੀ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਅਸਫਲ ਕਿਉਂ ਹੋ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਸਵਾਲ ਲਈ ਗੁਲਜ਼ਾਰ ਸਿੰਘ ਨੂੰ ਪਰੇਸ਼ਾਨ ਤੇ ਜ਼ਲੀਲ ਕੀਤਾ ਗਿਆ। ਮੁਆਫੀ ਮੰਗਣ ਲਈ ਉਨ੍ਹਾਂ ‘ਤੇ ਇੰਨਾ ਦਬਾਅ ਪਾਇਆ ਗਿਆ ਕਿ ਉਨ੍ਹਾਂ ਨੇ ਜ਼ਹਿਰ ਖਾ ਲਿਆ। ਇਲਾਜ ਲਈ ਹਸਪਤਾਲ ਤੋਂ ਹਸਪਤਾਲ ਭਟਕਣ ਤੋਂ ਬਾਅਦ ਉਸਦੀ ਮੌਤ ਹੋ ਗਈ। ਗਾਂਧੀ ਨੇ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਨੇ ਮੋਹਨਜੀਤ ਸਿੰਘ ਨਾਮ ਦੇ ਇੱਕ ਨੌਜਵਾਨ ਨਾਲ ਵੀ ਗੱਲ ਕੀਤੀ, ਜਿਸਨੂੰ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵਿਰੋਧ ਕਰਨ ਲਈ ਪ੍ਰੇਸ਼ਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਜਨਤਾ ਨੂੰ ਜਵਾਬ ਦੇਣਾ ਹੈ, ਸਵਾਲ ਪੁੱਛਣ ਵਾਲਿਆਂ ਨੂੰ ਦਬਾਉਣ ਦਾ ਨਹੀਂ। ਉਨ੍ਹਾਂ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਜਲਦੀ ਤੋਂ ਜਲਦੀ ਇਨਸਾਫ਼ ਦੇਣ, ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿੱਤ ਮੰਤਰੀ ਦੇ ਤੁਰੰਤ ਅਸਤੀਫ਼ੇ ਅਤੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਿੱਤ ਮੰਤਰੀ ਦਾ ਨਾਮ ਜਾਂਚ ਦੀ ਐਫਆਈਆਰ ਵਿੱਚ ਸ਼ਾਮਲ ਕੀਤਾ ਜਾਵੇ।