ਇੰਟਰਨੈਸ਼ਨਲ ਡੈਸਕ- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਰੂਸ ਦੇ ਹਮਲੇ ਨੂੰ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਦੀ ਅਪੀਲ ਕੀਤੀ ਹੈ।
ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਨੇ ਟਰੰਪ ਤੋਂ ਚੀਨ ਦੇ ਨੇਤਾ ਨੂੰ ਸਹਿਯੋਗ ਲਈ ਸਹਿਮਤ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਬੀਜਿੰਗ ਰੂਸ ’ਤੇ ਆਪਣੇ ਪ੍ਰਭਾਵ ਦੀ ਵਰਤੋਂ ਕਰਦੇ ਹੋਏ ਯੂਕ੍ਰੇਨ ਵਿਚ ਸਾਢੇ 4 ਸਾਲ ਤੋਂ ਜਾਰੀ ਜੰਗ ਖ਼ਤਮ ਕਰਵਾਉਣ ਲਈ ਕੂਟਨੀਤਕ ਯਤਨ ਕਰੇ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਟਰੰਪ ਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਈ ਗੱਲਬਾਤ ਨੂੰ ਲੈ ਕੇ ਵ੍ਹਾਈਟ ਹਾਊਸ ਤੋਂ ਕੋਈ ਪ੍ਰਤੀਕਿਰਿਆ ਨਹੀਂ ਮਿਲੀ ਹੈ ਪਰ ਉਨ੍ਹਾਂ ਨੂੰ ਇਸ ਦੇ ਨਤੀਜੇ ਦੀ ਜਾਣਕਾਰੀ ਮਿਲਣ ਦੀ ਉਮੀਦ ਹੈ।
ਯੂਕ੍ਰੇਨ ਦੀ ਸੁਰੱਖਿਆ ਲਈ ਵਧੇਰੇ ਅੰਤਰਰਾਸ਼ਟਰੀ ਸਮਰਥਨ ਜੁਟਾਉਣ ਦੇ ਇੱਛੁਕ ਜ਼ੇਲੈਂਸਕੀ ਇਸ ਹਫ਼ਤੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਨਾਲ-ਨਾਲ ਅਮਰੀਕਾ ਦੀ ਯਾਤਰਾ ’ਤੇ ਸਨ। ਉਨ੍ਹਾਂ ਨੇ ਮੰਗਲਵਾਰ ਨੂੰ ਟਰੰਪ ਨਾਲ ਮੁਲਾਕਾਤ ਕੀਤੀ ਸੀ। ਜ਼ੇਲੈਂਸਕੀ ਨੇ ਪੱਤਰਕਾਰਾਂ ਦੇ ਇਕ ਸਮੂਹ ਨੂੰ ਭੇਜੇ ਗਏ ਸੰਦੇਸ਼ਾਂ ਵਿਚ ਆਪਣੀ ਅਮਰੀਕਾ ਯਾਤਰਾ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਅਮਰੀਕਾ, ਯੂਕ੍ਰੇਨ ਅਤੇ ਰੂਸ ਦੇ ਵਫ਼ਦਾਂ ਵਿਚਕਾਰ ਤਿਕੋਣੀ ਬੈਠਕ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।















