ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ

ਅੰਮ੍ਰਿਤਸਰ/ਜਲੰਧਰ -ਪੰਜਾਬ ਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਲਈ ਬਾਰਡਰ ਰੇਂਜ ਪੁਲਸ ਨੇ ਬੀ. ਐੱਸ. ਐੱਫ਼. ਨਾਲ ਮਿਲ ਕੇ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਏ ਗਏ ਇਸ ਆਪ੍ਰੇਸ਼ਨ ਦੀ ਨਿਗਰਾਨੀ ਬਾਰਡਰ ਰੇਂਜ ਦੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ। ਸਾਂਝੀਆਂ ਟੀਮਾਂ ਨੇ ਸਰਹੱਦੀ ਪਿੰਡਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਸਰਹੱਦ ਨਾਲ ਲੱਗਦੇ ਵੱਖ-ਵੱਖ ਖੇਤਰਾਂ ’ਚ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ।
ਸੁਰੱਖਿਆ ਫੋਰਸਾਂ ਨੇ ਖੇਤਰ ’ਚ ਆਉਣ-ਜਾਣ ਵਾਲੇ ਲੋਕਾਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕੀਤੀ। ਅਧਿਕਾਰੀਆਂ ਨੇ ਸੰਭਾਵੀ ਖ਼ਤਰੇ ਵਾਲੇ ਖੇਤਰਾਂ ’ਚ ਵਿਸ਼ੇਸ਼ ਚੌਕਸੀ ਵਰਤਦੇ ਹੋਏ ਲਗਾਤਾਰ ਨਿਗਰਾਨੀ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ। ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਅਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਅਤੇ ਸਰਹੱਦੀ ਖੇਤਰਾਂ ’ਚ ਲਗਾਤਾਰ ਨਿਗਰਾਨੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੋਵਾਂ ਸੁਰੱਖਿਆ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਨਾਲ ਸਰਹੱਦੀ ਖੇਤਰ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਪੁਲਸ ਅਧਿਕਾਰੀਆਂ ਮੁਤਾਬਕ ਸਾਂਝੇ ਆਪ੍ਰੇਸ਼ਨ ਦਾ ਉਦੇਸ਼ ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨਾ, ਗੈਰ-ਸਮਾਜਿਕ ਅਨਸਰਾਂ ’ਤੇ ਨਜ਼ਰ ਰੱਖਣਾ ਅਤੇ ਸਰਹੱਦੀ ਖੇਤਰਾਂ ‘ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਦੌਰਾਨ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਕਿਸੇ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ।
ਬਾਰਡਰ ਰੇਂਜ ਪੁਲਸ ਨੇ ਕਿਹਾ ਕਿ ਸਰਹੱਦੀ ਖੇਤਰਾਂ ‘ਚ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਪੱਧਰ ‘ਤੇ ਲਾਪ੍ਰਵਾਹੀ ਨਹੀਂ ਵਰਤੀ ਜਾਵੇਗੀ। ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਕਰਕੇ ਰਾਤ ਦੇ ਸਮੇਂ ਨਿਗਰਾਨੀ ਅਤੇ ਗਸ਼ਤ ਵਧਾਈ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਉਣ ‘ਚ ਸਰਹੱਦੀ ਖੇਤਰਾਂ ਦੇ ਲੋਕਾਂ ਦਾ ਸਹਿਯੋਗ ਵੀ ਅਹਿਮ ਹੈ।