ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਇੱਕ-ਦੋ ਨਹੀਂ, ਸਗੋਂ ਤਿੰਨ ਵਾਰ ਪੱਤਰ ਲਿਖ ਕੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਇਸ ਦੇ ਬਾਵਜੂਦ ਪੰਜਾਬ ਪੁਲਸ ਨੇ ਨਾ ਤਾਂ ਐੱਫ.ਆਈ.ਆਰ. ਦਰਜ ਕੀਤੀ ਅਤੇ ਨਾ ਹੀ ਲੋੜੀਂਦੀ ਕਾਰਵਾਈ ਕੀਤੀ।
ਆਰ.ਪੀ. ਸਿੰਘ ਅਨੁਸਾਰ ਜਦੋਂ ਸੂਬਾ ਪੁਲਸ ਨੇ ਕਾਰਵਾਈ ਨਹੀਂ ਕੀਤੀ, ਤਾਂ ਹਾਈ ਕੋਰਟ ਨੂੰ ਦਖਲ ਦੇਣਾ ਪਿਆ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪਣ ਦਾ ਹੁਕਮ ਦੇਣਾ ਪਿਆ। ਹੁਣ ਉਸੇ ਮਾਮਲੇ ਵਿੱਚ ਸੀ.ਬੀ.ਆਈ. ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫਿਸ ਅਤੇ ਉਨ੍ਹਾਂ ਦੇ ਓ.ਐੱਸ.ਡੀ. (OSD) ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਜਾਂਚ ਨੂੰ ਅੱਗੇ ਵਧਾ ਰਹੀ ਹੈ।
ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸਵਾਲ ਚੁੱਕਿਆ ਕਿ ਈ.ਡੀ. ਦੀਆਂ ਵਾਰ-ਵਾਰ ਭੇਜੀਆਂ ਚਿੱਠੀਆਂ ‘ਤੇ ਕਾਰਵਾਈ ਕਿਉਂ ਨਹੀਂ ਹੋਈ ਅਤੇ ਐੱਫ.ਆਈ.ਆਰ. ਦਰਜ ਕਰਨ ਵਿੱਚ ਇੰਨੀ ਦੇਰੀ ਕਿਉਂ ਕੀਤੀ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ ਪੰਜਾਬ ਪੁਲਸ ਨੂੰ ਕਾਰਵਾਈ ਕਰਨ ਤੋਂ ਕਿਸ ਨੇ ਰੋਕਿਆ ਅਤੇ ਆਖਰ ਕਿਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਭਾਜਪਾ ਆਗੂ ਨੇ ਕਿਹਾ ਕਿ ਹੁਣ ਪੰਜਾਬ ਜਵਾਬ ਮੰਗ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਪਵੇਗਾ।















