ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ

ਚੰਡੀਗੜ੍ਹ : ਪੰਜਾਬ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ. ਈ. ਐੱਲ.) ਦੇ ਵਫ਼ਦ ਨੇ ਈ. ਵੀ. ਐੱਮ.-ਵੀ.ਵੀ.ਪੈਟ. ਦੀ ਪਹਿਲੇ ਪੱਧਰ ਦੀ ਜਾਂਚ (ਐੱਫ. ਐੱਲ. ਸੀ.) ਲਈ ਵਰਕਸ਼ਾਪ ਆਯੋਜਿਤ ਕੀਤੀ। ਇਸ ਦੇ ਨਾਲ ਹੀ ਕੇਂਦਰੀ ਅਤੇ ਰਾਜ ਇਨਫੋਰਸਮੈਂਟ ਏਜੰਸੀਆਂ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਗਈ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਿਆਂ ’ਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐੱਫ. ਐੱਲ. ਸੀ. ਪ੍ਰਕਿਰਿਆ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ’ਚ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਸੰਪੰਨ ਹੋਵੇਗੀ। ਵਰਕਸ਼ਾਪ ’ਚ ਬੀ. ਈ. ਐੱਲ. ਦੇ ਮਾਹਰ ਇੰਜੀਨੀਅਰਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ. ਵੀ. ਐੱਮ. ਅਤੇ ਵੀ. ਵੀ. ਪੈਟ. ਦੀ ਜਾਂਚ ਸਬੰਧੀ ਤਕਨੀਕੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਦੀ ਵਿਹਾਰਕ ਸਿਖਲਾਈ ਦਿੱਤੀ।
ਇਸ ਤੋਂ ਬਾਅਦ ਮੁਲਾਂਕਣ ਅਤੇ ਸ਼ੰਕਾਵਾਂ ਦੇ ਹੱਲ ਲਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ’ਚ ਜ਼ਿਲ੍ਹਾ ਚੋਣ ਅਧਿਕਾਰੀਆਂ, ਵਧੀਕ ਜ਼ਿਲ੍ਹਾ ਚੋਣ ਅਧਿਕਾਰੀਆਂ, ਐੱਫ. ਐੱਲ. ਸੀ. ਨੋਡਲ ਅਧਿਕਾਰੀਆਂ, ਮਾਸਟਰ ਟ੍ਰੇਨਰਾਂ ਅਤੇ ਹੋਰ ਸਬੰਧਿਤ ਅਧਿਕਾਰੀਆਂ ਨੇ ਹਿੱਸਾ ਲਿਆ।